
ਚੰਡੀਗੜ੍ਹ, 14 ਅਗਸਤ (ਹਿੰ.ਸ.)| ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨਾਂਦੇੜ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੌਰਾਨ ਉਨ੍ਹਾਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਰਾਸ਼ਟਰ ਪੁਲਿਸ ਦੀ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦੇ ਇੰਸਪੈਕਟਰ ਸੰਤੋਸ਼ ਵੈਜਨਾਥ ਕੇਂਦਰੇ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ।
ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਕਿਹਾ ਕਿ ਉਹ ਇੰਸਪੈਕਟਰ ਸੰਤੋਸ਼ ਕੇਂਦਰੇ ਦੇ ਸਾਹਸ ਅਤੇ ਬਹਾਦਰੀ ਨੂੰ ਸਲਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਤੋਸ਼ ਕੇਂਦਰੇ ਹਮਲਾਵਰ ਅਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਮਨੁੱਖੀ ਢਾਲ ਬਣ ਕੇ ਖੜ੍ਹੇ ਹੋ ਗਏ ਅਤੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸੁਖਬੀਰ ਬਾਦਲ ਦੀ ਰੱਖਿਆ ਕੀਤੀ।
ਉਨ੍ਹਾਂ ਕਿਹਾ ਕਿ ਇੰਸਪੈਕਟਰ ਕੇਂਦਰੇ ਨੇ ਇਹ ਸਾਬਤ ਕਰ ਦਿੱਤਾ ਕਿ ਪੁਲਿਸ ਦੀ ਵਰਦੀ ਪਹਿਨਣ ਦਾ ਅਸਲ ਅਰਥ ਕੀ ਹੈ ਆਪਣੇ ਆਪ ਤੋਂ ਪਹਿਲਾਂ ਫਰਜ਼ ਅਤੇ ਡਰ ਤੋਂ ਪਹਿਲਾਂ ਹਿੰਮਤ ਨੂੰ ਤਰਜੀਹ ਦੇਣਾ। ਹਰਸਿਮਰਤ ਨੇ ਕਿਹਾ ਕਿ ਬਾਦਲ ਪਰਿਵਾਰ ਇੰਸਪੈਕਟਰ ਕੇਂਦਰੇ ਦਾ ਦਿਲੋਂ ਧੰਨਵਾਦੀ ਹੈ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।
ਹਰਸਿਮਰਤ ਕੌਰ ਬਾਦਲ ਨੇ ਜ਼ਖਮੀ ਇੰਸਪੈਕਟਰ ਸੰਤੋਸ਼ ਕੇਂਦਰੇ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਛੇਤੀ ਤੰਦਰੁਸਤੀ ਬਖਸ਼ਣ।
ਇਸ ਦੇ ਨਾਲ ਹੀ ਉਨ੍ਹਾਂ ਨਾਂਦੇੜ ਦੇ ਯਸ਼ੋਸਾਈ ਹਸਪਤਾਲ ਦੇ ਡਾਕਟਰਾਂ ਅਤੇ ਸਮੁੱਚੇ ਸਟਾਫ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਡਾਕਟਰਾਂ ਅਤੇ ਹਸਪਤਾਲ ਦੇ ਸਮੁੱਚੇ ਸਟਾਫ ਨੇ ਲਗਾਤਾਰ ਸੇਵਾ ਕਰਦਿਆਂ ਪਰਿਵਾਰ ਨੂੰ ਹੌਂਸਲਾ ਅਤੇ ਸਹਿਯੋਗ ਦਿੱਤਾ।
ਹਿੰਦੂਸਥਾਨ ਸਮਾਚਾਰ / GURSHARAN SINGH