
ਚੰਡੀਗੜ੍ਹ, 14 ਅਗਸਤ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸ਼ੁੱਕਰਵਾਰ ਸਵੇਰ ਤੋਂ ਚੰਡੀਗੜ੍ਹ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਯੈਲੋ ਅਲਰਟ ਜਾਰੀ ਕਰਦਿਆਂ ਅੱਜ ਤੋਂ 19 ਅਗਸਤ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਇੱਕ-ਦੋ ਥਾਵਾਂ ’ਤੇ ਮੀਂਹ ਪੈ ਸਕਦਾ ਹੈ।
ਇਸ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਆਮ ਨਾਲੋਂ 2.7 ਡਿਗਰੀ ਵੱਧ ਰਿਹਾ। ਪਟਿਆਲਾ ਵਿੱਚ ਸਭ ਤੋਂ ਵੱਧ 37.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਖੇਤਰ ਵਿੱਚ ਹੋ ਰਹੀ ਮੂਸਲਾਧਾਰ ਬਾਰਿਸ਼ ਅਤੇ ਰੇਲ ਪਟੜੀਆਂ ’ਤੇ ਪੱਥਰ ਡਿੱਗਣ ਕਾਰਨ ਪਠਾਨਕੋਟ-ਜੋਗਿੰਦਰ ਨਗਰ ਰੇਲ ਮਾਰਗ ਪ੍ਰਭਾਵਿਤ ਹੋਇਆ ਹੈ। ਰੇਲਵੇ ਪ੍ਰਸ਼ਾਸਨ ਅਨੁਸਾਰ ਪਠਾਨਕੋਟ-ਬੈਜਨਾਥ ਪਪੜੋਲਾ ਸੈਕਸ਼ਨ ’ਤੇ ਚੱਲਣ ਵਾਲੀਆਂ ਚਾਰ ਰੇਲ ਸੇਵਾਵਾਂ ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਰੇਲਗੱਡੀ ਨੰਬਰ 52467, 52470, 52474 ਅਤੇ 52465 ਸ਼ਾਮਲ ਹਨ।
ਇਸੇ ਤਰ੍ਹਾਂ ਰੇਲਗੱਡੀ ਨੰਬਰ 52464 ਹੁਣ ਬੈਜਨਾਥ ਪਪੜੋਲਾ ਤੋਂ ਜਵਾਲਾਮੁਖੀ ਰੋਡ ਦੀ ਬਜਾਏ ਕੋਪਰਲਾਹੜ ਰੇਲਵੇ ਸਟੇਸ਼ਨ ਤੱਕ ਹੀ ਚੱਲੇਗੀ। ਰੇਲਗੱਡੀ ਨੰਬਰ 52469 ਵੀ ਜਵਾਲਾਮੁਖੀ ਰੋਡ ਦੀ ਬਜਾਏ ਕੋਪਰਲਾਹੜ ਤੋਂ ਆਪਣੀ ਯਾਤਰਾ ਸ਼ੁਰੂ ਕਰੇਗੀ। ਜੰਮੂ ਮੰਡਲ ਦੇ ਅਧਿਕਾਰੀਆਂ ਮੁਤਾਬਕ ਪ੍ਰਭਾਵਿਤ ਇਲਾਕਿਆਂ ਵਿੱਚ ਰੇਲ ਪਟੜੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰਪਾਲ ਮੁਤਾਬਕ ਮਾਨਸੂਨ ਟਰਫ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚੋਂ ਲੰਘ ਰਹੀ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਦੇ ਆਸ-ਪਾਸ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ, ਜਿਸ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਪੈ ਸਕਦਾ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਭਾਰੀ ਮੀਂਹ ਵੀ ਪੈ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH