
ਕਪੂਰਥਲਾ, 14 ਅਗਸਤ (ਹਿੰ.ਸ.)| ਕਪੂਰਥਲਾ ਪੁਲਿਸ ਨੇ ਪਿੰਡ ਬਿਸ਼ਨਪੁਰ ਜੱਟਾਂ ਵਿੱਚ ਹੋਏ ਸਨਸਨੀਖੇਜ਼ ਕਤਲਕਾਂਡ ਦੀ ਗੁੱਥੀ ਸੁਲਝਾਉਂਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਪੁਲਿਸ ਸੁਪਰਡੈਂਟ (ਐਸਪੀ) ਡੀ. ਹਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।ਐਸਪੀ ਹਰਿੰਦਰ ਸਿੰਘ ਨੇ ਦੱਸਿਆ ਕਿ 11 ਅਗਸਤ 2026 ਨੂੰ ਪਿੰਡ ਬਿਸ਼ਨਪੁਰ ਜੱਟਾਂ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਉਰਫ਼ ਲੱਲਾ ਦੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤਾਬੜਤੋੜ ਗੋਲੀਬਾਰੀ ਵਿੱਚ ਲਵਪ੍ਰੀਤ ਸਿੰਘ ਦਾ ਭਰਾ ਹਰਸ਼ਦੀਪ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਦਾ ਇਲਾਜ ਚੱਲ ਰਿਹਾ ਹੈ।ਘਟਨਾ ਤੋਂ ਬਾਅਦ ਥਾਣਾ ਕੋਤਵਾਲੀ ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਦੀ ਵਿਸ਼ੇਸ਼ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਵਾਰਦਾਤ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਕਾਬੂ ਕਰ ਲਿਆ।ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਤਾਨਾ ਵਾਸੀ ਪਿੰਡ ਬਿਸ਼ਨਪੁਰ ਜੱਟਾਂ ਅਤੇ ਮਨਦੀਪ ਸਿੰਘ ਉਰਫ਼ ਸਾਗਾ ਵਾਸੀ ਗਲੀ ਨੰਬਰ 2, ਲੋਅਰ ਮਾਲ, ਕਪੂਰਥਲਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਨੋਰਿੰਕੋ .30 ਕੈਲੀਬਰ ਪਿਸਤੌਲ (ਮੇਡ ਇਨ ਚਾਈਨਾ), ਇੱਕ ਪੀਐਕਸ5 ਸਟ੍ਰੋਮ ਪਿਸਤੌਲ, ਤਿੰਨ ਮੈਗਜ਼ੀਨ, ਤਿੰਨ ਜ਼ਿੰਦਾ ਕਾਰਤੂਸ ਅਤੇ ਤਿੰਨ ਮਿਸਫਾਇਰ ਰਾਊਂਡ ਬਰਾਮਦ ਕੀਤੇ ਹਨ।ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਤਾਨਾ ਇੱਕ ਸ਼ਾਤਿਰ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਹ ਥਾਣਾ ਕਰਤਾਰਪੁਰ ਵਿੱਚ ਦਰਜ ਆਰਮਜ਼ ਐਕਟ ਦੇ ਇੱਕ ਮਾਮਲੇ ਵਿੱਚ ਫਿਲਹਾਲ ਜ਼ਮਾਨਤ ’ਤੇ ਬਾਹਰ ਚੱਲ ਰਿਹਾ ਸੀ। ਇਸ ਤੋਂ ਇਲਾਵਾ ਜਲੰਧਰ ਦੇ ਇੱਕ ਥਾਣੇ ਵਿੱਚ ਵੀ ਉਸ ਖ਼ਿਲਾਫ਼ ਲੜਾਈ-ਝਗੜੇ ਦਾ ਮਾਮਲਾ ਦਰਜ ਹੈ। ਦੂਜੇ ਮੁਲਜ਼ਮ ਮਨਦੀਪ ਸਿੰਘ ਉਰਫ਼ ਸਾਗਾ ਦਾ ਹੁਣ ਤੱਕ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਹੈ। ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਤਲਕਾਂਡ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH