
ਚੰਡੀਗੜ੍ਹ, 14 ਅਗਸਤ (ਹਿੰ.ਸ.)| ਫਗਵਾੜਾ ਵਿੱਚ ਵੀਰਵਾਰ ਦੇਰ ਰਾਤ ਕਰਵਾਈ ਗਈ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਸੂਬੇ ਵਿੱਚ ਵੰਡਪਾਊ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ਅਤੇ ‘ਹਰ ਹਰ ਮਹਾਦੇਵ’ ਤੇ ‘ਬਮ ਬਮ ਭੋਲੇ’ ਦੇ ਜੈਕਾਰੇ ਗੂੰਜਦੇ ਰਹੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਉੱਗ ਸਕਦਾ ਹੈ। ਸੂਬੇ ਦੇ ਲੋਕ ਸਾਰੇ ਧਰਮਾਂ ਦੇ ਤਿਉਹਾਰ ਮਿਲ-ਜੁਲ ਕੇ ਮਨਾਉਂਦੇ ਹਨ, ਜੋ ਪੰਜਾਬ ਦੀ ਮਜ਼ਬੂਤ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ ਪਰ ਸਾਰੇ ਧਰਮਾਂ ਦੇ ਲੋਕ ਇਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੀ ਧਾਰਮਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਹੈ।
ਮੁੱਖ ਮੰਤਰੀ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕੀਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਰੀਬ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ, ਕਰੀਬ 44 ਹਜ਼ਾਰ ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਕੰਮ ਚੱਲ ਰਹੇ ਹਨ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਵਿੱਚ ਵੀ ਸੁਧਾਰ ਕੀਤਾ ਗਿਆ ਹੈ।
ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਭੇਜੇ ਜਾ ਰਹੇ ਹਨ। ਯੋਜਨਾ ਤਹਿਤ ਯੋਗ ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH