ਪੀਐਸਪੀਸੀਐਲ ਨੇ ਸਰਕਾਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਬਿਜਲੀ ਬੱਚਤ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ
ਪਟਿਆਲਾ, 14 ਅਗਸਤ (ਹਿੰ.ਸ.)| ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ’ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵ
ਸਮਾਗਮ ਦੌਰਾਨ ਤਸਵੀਰ ਸਾਂਝੀ ਕਰਵਾਉਂਦੇ ਹੋਏ ਪੀਐਸਪੀਸੀਐਲ ਦੇ ਅਧਿਕਾਰੀ ਤੇ ਵਿਦਿਆਰਥੀ।


ਪਟਿਆਲਾ, 14 ਅਗਸਤ (ਹਿੰ.ਸ.)| ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ’ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਅਤੇ ਊਰਜਾ ਬੱਚਤ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਸਮਾਗਮ ਵਿੱਚ ਪੀਐਸਪੀਸੀਐਲ ਦੇ ਡੀਐਸਐਮ ਦਫ਼ਤਰ ਤੋਂ ਵਧੀਕ ਨਿਗਰਾਨ ਇੰਜੀਨੀਅਰ ਇੰਜ. ਸ਼ੰਮੀ ਜਿੰਦਲ, ਸਹਾਇਕ ਇੰਜੀਨੀਅਰ ਇੰਜ. ਗਰੀਸ਼ ਕੁਮਾਰ ਮਹਾਜਨ, ਇੰਜ. ਕਰਮਜੀਤ ਸਿੰਘ, ਇੰਜ. ਪੰਕਜ ਸੂਦ, ਇੰਜ. ਅਮਰਜੀਤ ਸਿੰਘ ਅਤੇ ਜੇ.ਈ. ਇੰਜ. ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਓਪਲ, ਵਾਈਸ ਪ੍ਰਿੰਸੀਪਲ ਸ਼੍ਰੀ ਰਾਮ ਲਾਲ ਗੋਇਲ ਅਤੇ ਸਮੂਹ ਅਧਿਆਪਕ ਵੀ ਮੌਜੂਦ ਰਹੇ।

ਪੀਐਸਪੀਸੀਐਲ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਅਤੇ ਸੰਜਮਿਤ ਵਰਤੋਂ ਕਰਨ ਦੇ ਵੱਖ-ਵੱਖ ਤਰੀਕਿਆਂ ਅਤੇ ਊਰਜਾ ਬੱਚਤ ਦੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿੱਚ ਊਰਜਾ ਦੀ ਬੇਲੋੜੀ ਖਪਤ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਊਰਜਾ ਸੰਜਮਤਾ ਵਿਸ਼ੇ ’ਤੇ ਪੇਪਰ ਵੀ ਪੜ੍ਹੇ ਅਤੇ ਊਰਜਾ ਬੱਚਤ ਨਾਲ ਸਬੰਧਤ ਪੇਂਟਿੰਗਾਂ ਰਾਹੀਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ।

ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਰਾਮ ਲਾਲ ਗੋਇਲ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਬਿਜਲੀ ਦੀ ਸਹੀ ਵਰਤੋਂ ਅਤੇ ਊਰਜਾ ਬਚਾਉਣ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੀਐਸਪੀਸੀਐਲ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਵੱਧ ਤੋਂ ਵੱਧ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੀਐਸਪੀਸੀਐਲ ਦੀ ਡੀਐਸਐਮ ਟੀਮ ਵੱਲੋਂ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਕਾਪੀਆਂ ਅਤੇ ਪੈਨ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਪੀਐਸਪੀਸੀਐਲ ਦੀ ਟੀਮ ਨੇ ਸਕੂਲ ਪ੍ਰਬੰਧਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande