
ਜਲੰਧਰ, 14 ਅਗਸਤ (ਹਿੰ.ਸ.)| ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਉਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਨੀਤ ਆਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫ਼ਤੀਸ਼), ਮੁਕੇਸ਼ ਕੁਮਾਰ, ਪੀ.ਪੀ.ਐੱਸ., ਪੁਲਿਸ ਕਪਤਾਨ (ਸਥਾਨਿਕ) ਸਮੇਤ ਜ਼ਿਲ੍ਹੇ ਦੇ ਸਮੂਹ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹੇ ਭਰ ਵਿੱਚ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸੁਚਾਰੂ, ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਐੱਸ.ਐੱਸ.ਪੀ. ਜਲੰਧਰ ਦਿਹਾਤੀ ਨੇ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਪੂਰੀ ਚੌਕਸੀ ਵਰਤਣ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਹਰ ਵੇਲੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।
ਹਰਵਿੰਦਰ ਸਿੰਘ ਵਿਰਕ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਵਿੱਚ ਸਪੈਸ਼ਲ ਨਾਕਾਬੰਦੀਆਂ, ਫਲੈਗ ਮਾਰਚ, ਨਾਈਟ ਡੋਮੀਨੇਸ਼ਨ ਅਭਿਆਨ, ਐਂਟੀ-ਸੈਬੋਟਾਜ ਚੈਕਿੰਗ ਅਤੇ ਗਸ਼ਤ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਨੇ ਸੰਵੇਦਨਸ਼ੀਲ ਥਾਵਾਂ, ਸਰਕਾਰੀ ਅਦਾਰਿਆਂ, ਵਿਦਿਅਕ ਸੰਸਥਾਵਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭਾੜ ਵਾਲੇ ਇਲਾਕਿਆਂ ਉੱਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਵੀ ਕੀਤੀ।
ਅਧਿਕਾਰੀਆਂ ਨੂੰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕਰਨ, ਸਖ਼ਤ ਨਿਗਰਾਨੀ ਬਣਾਈ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਥਾਣਾ ਮੁਖੀਆਂ ਨੂੰ ਫਲੈਗ ਮਾਰਚ ਅਤੇ ਕਮਿਊਨਿਟੀ ਇੰਟਰੈਕਸ਼ਨ ਪ੍ਰੋਗਰਾਮਾਂ ਰਾਹੀਂ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਐੱਸ.ਐੱਸ.ਪੀ. ਜਲੰਧਰ ਦਿਹਾਤੀ ਨੇ ਪ੍ਰਭਾਵਸ਼ਾਲੀ ਟ੍ਰੈਫਿਕ ਪ੍ਰਬੰਧਨ, ਐਮਰਜੈਂਸੀ ਰਿਸਪਾਂਸ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਹਰ ਅਧਿਕਾਰੀ ਨੂੰ ਪੂਰੀ ਸਮਰਪਣ ਭਾਵਨਾ, ਪੇਸ਼ੇਵਰਤਾ ਅਤੇ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।
ਜਲੰਧਰ ਦਿਹਾਤੀ ਪੁਲਿਸ ਦੀ ਲੋਕ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਸੁਤੰਤਰਤਾ ਦਿਵਸ ਸਮਾਗਮਾਂ ਦੌਰਾਨ ਅਮਨ-ਕਾਨੂੰਨ ਅਤੇ ਲੋਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ ਮੁਹਿੰਮਾਂ, ਨਾਕਾਬੰਦੀਆਂ, ਫਲੈਗ ਮਾਰਚਾਂ ਅਤੇ ਗਸ਼ਤ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH