
ਹੁਸ਼ਿਆਰਪੁਰ, 15 ਅਗਸਤ (ਹਿੰ.ਸ.)| ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਹੁਸ਼ਿਆਰਪੁਰ ਦੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਪੂਰੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਮਾਮਲੇ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (ਆਈ.ਏ.ਐਸ.) ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ (ਆਈ.ਪੀ.ਐਸ.) ਸਮੇਤ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਰਹੇ।ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਵੱਖ-ਵੱਖ ਸੁਰੱਖਿਆ ਅਤੇ ਵਿਦਿਆਰਥੀ ਟੁਕੜੀਆਂ ਵੱਲੋਂ ਪਰੇਡ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ। ਪੂਰਾ ਸਮਾਗਮ ਦੇਸ਼ਭਗਤੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।ਇਸ ਮੌਕੇ ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਮੁਹੱਈਆ ਕਰਵਾਉਣ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਸਰਕਾਰ ਦਾ ਉਦੇਸ਼ ਹਰ ਵਰਗ ਨੂੰ ਬਰਾਬਰ ਮੌਕੇ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ, ਖੁਸ਼ਹਾਲ ਅਤੇ ਵਿਕਸਤ ਬਣਾਉਣ ਲਈ ਵਚਨਬੱਧ ਹੈ। ਸਿਹਤ ਸਹੂਲਤਾਂ ਵਿੱਚ ਸੁਧਾਰ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਦੇਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਸਾਂਝੇ ਤੌਰ ’ਤੇ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH