
ਮੋਹਾਲੀ, 15 ਅਗਸਤ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੁਆਧੀ ਅਖਾੜਾ ਪਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਣ ਜੀ ਦੀ ਯਾਦਗਾਰ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਮਾਧੀ ’ਤੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਯਾਦਗਾਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਸਿੱਧੂ ਨੇ ਕਿਹਾ ਕਿ ਭਗਤ ਆਸਾ ਰਾਮ ਬੈਦਵਾਣ ਜੀ ਨੇ ਪੁਆਧੀ ਲੋਕ-ਸੱਭਿਆਚਾਰ, ਅਖਾੜਾ ਪਰੰਪਰਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਭਗਤ ਆਸਾ ਰਾਮ ਬੈਦਵਾਣ ਜੀ ਦੀ ਯਾਦ ਨੂੰ ਸਮਰਪਿਤ ਆਧੁਨਿਕ ਆਡੀਟੋਰੀਅਮ ਬਣਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਸੀ। ਚੰਡੀਗੜ੍ਹ ਦੇ ਟੈਗੋਰ ਥੀਏਟਰ ਦੀ ਤਰਜ਼ ’ਤੇ ਬਣਨ ਵਾਲੇ ਇਸ ਆਡੀਟੋਰੀਅਮ ਲਈ ਸੈਕਟਰ-78 ਵਿੱਚ ਜਗ੍ਹਾ ਅਤੇ ਫੰਡ ਮਨਜ਼ੂਰ ਕੀਤੇ ਗਏ ਸਨ।
ਸਿੱਧੂ ਨੇ ਦੋਸ਼ ਲਾਇਆ ਕਿ ਮੌਜੂਦਾ ‘ਆਪ’ ਸਰਕਾਰ ਨੇ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਸ ਪ੍ਰਾਜੈਕਟ ਦੀ ਉਸਾਰੀ ਸ਼ੁਰੂ ਨਹੀਂ ਕਰਵਾਈ।
ਉਨ੍ਹਾਂ ਸਵਾਲ ਕੀਤਾ ਕਿ ਜਦੋਂ ਜਗ੍ਹਾ ਅਤੇ ਫੰਡ ਪਹਿਲਾਂ ਹੀ ਮਨਜ਼ੂਰ ਹੋ ਚੁੱਕੇ ਸਨ ਤਾਂ ਪ੍ਰਾਜੈਕਟ ਨੂੰ ਲਟਕਾਉਣ ਦਾ ਕਾਰਨ ਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ’ਤੇ ਆਡੀਟੋਰੀਅਮ ਦਾ ਕੰਮ ਬਿਨਾਂ ਦੇਰੀ ਮੁੜ ਸ਼ੁਰੂ ਕਰਵਾਇਆ ਜਾਵੇਗਾ ਅਤੇ ਪੁਆਧ ਦੀ ਸੱਭਿਆਚਾਰਕ ਵਿਰਾਸਤ ਨੂੰ ਬਣਦਾ ਮਾਣ-ਸਤਿਕਾਰ ਦਿਵਾਇਆ ਜਾਵੇਗਾ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH