
ਬਟਾਲਾ, 15 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਲੋਕਪੱਖੀ ਵਿਕਾਸ ਕੰਮਾਂ ਨੂੰ ਭਰਵਾਂ ਪਿਆਰ ਮਿਲ ਰਿਹਾ ਹੈ,ਜਿਸ ਦੇ ਚੱਲਦਿਆਂ ਵਾਰਡ ਨੰਬਰ 48 ਤੋਂ ਕਾਂਗਰਸ ਵਰਕਰ ਐੱਮਨੂਅਲ ਮਸੀਹ, ਪਿੰਡ ਸ਼ੇਖਮੀਰ ਤੋਂ ਬਲਵਿੰਦਰ ਅਤੇ ਮੰਗਾ ਮਸੀਹ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਇਕ ਸ਼ੈਰੀ ਕਲਸੀ ਵਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ/ਵਰਕਰ, ਦਿਨੋ-ਦਿਨ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਆਪ ਪਾਰਟੀ ਦਾ ਕਾਫਲਾ ਲਗਾਤਾਰ ਵੱਧ ਰਿਹਾ ਹੈ।
ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮਹਿਜ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਗਏ ਹਨ।
ਬਟਾਲਾ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਲਈ ਵਿਸ਼ੇਸ ਰਣਨੀਤੀ ਉਲੀਕੀ ਗਈ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ, ਜੋ ਪਹਿਲਾਂ ਵੇਖਣ ਨੂੰ ਨਹੀਂ ਮਿਲੇ ਹਨ। ਇਸ ਲਈ ਉਹ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਹਿੰਦੂਸਥਾਨ ਸਮਾਚਾਰ / GURSHARAN SINGH