
ਫਰੀਦਕੋਟ, 15 ਅਗਸਤ (ਹਿੰ.ਸ.)| ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਕਾਮਰੇਡ ਵੀਰ ਸਿੰਘ ਕੰਮੇਆਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਨਰੇਗਾ ਕਾਨੂੰਨ ਨੂੰ ਬਹਾਲ ਕਰਨ ਸਮੇਤ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਅਤੇ ਹੋਰ ਖੱਬੇ ਪੱਖੀ ਪਾਰਟੀਆਂ ਦੀ ਹਮਾਇਤ ਨਾਲ ਦੇਸ਼ ਵਿੱਚ ਨਰੇਗਾ ਕਾਨੂੰਨ ਲਾਗੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਪਿੰਡਾਂ ਦੇ ਮਜ਼ਦੂਰਾਂ ਨੂੰ ਸਾਲ ਵਿੱਚ ਘੱਟੋ-ਘੱਟ 100 ਦਿਨ ਰੁਜ਼ਗਾਰ ਦੇਣ ਦੀ ਵਿਵਸਥਾ ਕੀਤੀ ਗਈ ਸੀ।
ਆਗੂਆਂ ਨੇ ਦੋਸ਼ ਲਗਾਇਆ ਕਿ ਅਮਲ ਵਿੱਚ ਨਰੇਗਾ ਮਜ਼ਦੂਰਾਂ ਨੂੰ ਕਈ ਰਾਜਾਂ ਵਿੱਚ 35-40 ਦਿਨ ਤੋਂ ਵੱਧ ਕੰਮ ਨਹੀਂ ਮਿਲ ਰਿਹਾ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਨਰੇਗਾ ਨਾਲ ਸਬੰਧਤ ਨਵੀਆਂ ਵਿਵਸਥਾਵਾਂ ਤਹਿਤ ਸੂਬਾ ਸਰਕਾਰਾਂ ’ਤੇ ਵਿੱਤੀ ਬੋਝ ਵਧਾਇਆ ਜਾ ਰਿਹਾ ਹੈ, ਜਿਸ ਨਾਲ ਨਰੇਗਾ ਦੇ ਕੰਮ ਨੂੰ ਪ੍ਰਭਾਵਿਤ ਕਰਨ ਦਾ ਖਦਸ਼ਾ ਹੈ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਪੁਰਾਣਾ ਨਰੇਗਾ ਕਾਨੂੰਨ ਤੁਰੰਤ ਬਹਾਲ ਕੀਤਾ ਜਾਵੇ ਅਤੇ ਮਜ਼ਦੂਰਾਂ ਨੂੰ ਸਾਲ ਵਿੱਚ 100 ਦਿਨ ਦਾ ਰੁਜ਼ਗਾਰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਫੈਸਲਾ ਕੀਤਾ ਗਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਨਰੇਗਾ ਮਜ਼ਦੂਰ 1 ਸਤੰਬਰ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਕੀਤੀ ਜਾ ਰਹੀ ਕੌਮੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਮੀਟਿੰਗ ਵਿੱਚ ਕਾਮਰੇਡ ਗੁਰਚਰਨ ਸਿੰਘ ਮਾਨ, ਇੰਦਰਜੀਤ ਸਿੰਘ ਗਿੱਲ, ਬਲਕਾਰ ਸਿੰਘ ਸਹੋਤਾ, ਮੁਖਤਿਆਰ ਸਿੰਘ ਭਾਣਾ, ਸੁਖਮੰਦਰ ਸਿੰਘ ਢੁੱਡੀ ਸਮੇਤ ਕਈ ਨਰੇਗਾ ਆਗੂ ਅਤੇ ਮਜ਼ਦੂਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH