
ਚੰਡੀਗੜ੍ਹ, 15 ਅਗਸਤ (ਹਿੰ.ਸ.)| ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ-22 ਬੀ, ਚੰਡੀਗੜ੍ਹ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਨਾਲ ਸਬੰਧਤ ਆਗੂਆਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ‘ਐਂਟੀ ਸਟੇਟ’ ਕਹਿਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਆਗੂਆਂ ਨੇ ਵਿੱਤ ਮੰਤਰੀ ਤੋਂ ਤੁਰੰਤ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ।ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਹਰ ਸਾਲ ਬਜਟ ਭਾਸ਼ਣ ਦੌਰਾਨ ਮੁਲਾਜ਼ਮਾਂ ਨੂੰ ਸਰਕਾਰੀ ਮਸ਼ੀਨਰੀ ਦੀ ਰੀੜ੍ਹ ਦੀ ਹੱਡੀ ਕਿਹਾ ਜਾਂਦਾ ਹੈ, ਪਰ ਜਦੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪੈਂਦਾ ਹੈ।ਆਗੂਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹਨ।ਆਗੂਆਂ ਨੇ ਕਿਹਾ ਕਿ ਸਾਲ 2022 ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਵਿਰੋਧੀ ਧਿਰ ਦੇ ਆਗੂ ਵਜੋਂ ਖੁਦ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਸ਼ਾਮਲ ਹੁੰਦੇ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਡੀਏ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲਿਆਂ ਦਾ ਹਵਾਲਾ ਦਿੰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਫੈਸਲੇ ਦਿੱਤੇ ਗਏ ਹਨ। ਉਨ੍ਹਾਂ ਵਿੱਤ ਮੰਤਰੀ ਵੱਲੋਂ ਅਦਾਲਤ ਸਬੰਧੀ ਕੀਤੀਆਂ ਟਿੱਪਣੀਆਂ ’ਤੇ ਵੀ ਇਤਰਾਜ਼ ਜਤਾਇਆ ਅਤੇ ਤੁਰੰਤ ਮੁਆਫ਼ੀ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH