
ਹੁਸ਼ਿਆਰਪੁਰ, 15 ਅਗਸਤ (ਹਿੰ.ਸ.)| ਮੁਕੇਰੀਆਂ ਹਲਕੇ ਦੇ ਹਾਜੀਪੁਰ ਕਸਬੇ ਨੇੜਲੇ ਪਿੰਡ ਸੁਨੇਹੜਾ ਵਿੱਚ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਮਾ ਵਜੋਂ ਹੋਈ ਹੈ। ਉਸਦੇ ਪਰਿਵਾਰ ਨੇ ਉਸਦੇ ਫੌਜੀ ਪਤੀ ’ਤੇ ਕਥਿਤ ਤੌਰ ’ਤੇ ਕੁੱਟਮਾਰ ਕਰਕੇ ਹੱਤਿਆ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਪਤੀ ਅਮਰਜੀਤ ਸਿੰਘ, ਉਸਦੇ ਚਾਚਾ ਕੁਲਦੀਪ ਉਰਫ਼ ਕੂਕੀ ਅਤੇ ਚਾਚੀ ਸੋਨੀਆ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਦੋਸ਼ ਹੈ ਕਿ ਛੁੱਟੀ ’ਤੇ ਘਰ ਆਏ ਅਮਰਜੀਤ ਸਿੰਘ ਨੇ ਆਪਣੀ ਪਤਨੀ ਰਮਾ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਤੋਂ ਬਾਅਦ ਮਾਮਲੇ ਨੂੰ ਹਾਦਸੇ ਦਾ ਰੂਪ ਦੇਣ ਲਈ ਇਹ ਕਿਹਾ ਗਿਆ ਕਿ ਰਮਾ ਛੱਤ ਤੋਂ ਡਿੱਗ ਗਈ ਹੈ। ਉਸਨੂੰ ਇਲਾਜ ਲਈ ਹਾਜੀਪੁਰ ਦੇ ਇੱਕ ਹਸਪਤਾਲ ਵਿੱਚ ਲਿਜਾਇਆ ਗਿਆ।
ਜਦੋਂ ਰਮਾ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੇ ਉਸਦੇ ਸਰੀਰ ’ਤੇ ਕਈ ਗੰਭੀਰ ਸੱਟਾਂ ਦੇ ਨਿਸ਼ਾਨ ਦੇਖੇ। ਇਸ ਤੋਂ ਬਾਅਦ ਪਰਿਵਾਰ ਨੂੰ ਉਸਦੀ ਮੌਤ ’ਤੇ ਸ਼ੱਕ ਹੋਇਆ ਅਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।
ਮ੍ਰਿਤਕਾ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਰਮਾ ਦਾ ਵਿਆਹ ਅਮਰਜੀਤ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਵੀ ਅਮਰਜੀਤ ਕਥਿਤ ਤੌਰ ’ਤੇ ਰਮਾ ਨਾਲ ਕੁੱਟਮਾਰ ਕਰਦਾ ਰਿਹਾ ਸੀ।
ਥਾਣਾ ਮੁਖੀ ਹਰਪ੍ਰੇਮ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਅਮਰਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਦਕਿ ਕੁਲਦੀਪ ਉਰਫ਼ ਕੂਕੀ ਅਤੇ ਸੋਨੀਆ ਦੀ ਭਾਲ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾ ਦੀ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH