
ਨਾਭਾ, 15 ਅਗਸਤ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਤਹਿਤ ਨਾਭਾ ਬਲਾਕ ਦੇ ਪਿੰਡ ਧਨੌਰੀ, ਧਨੌਰਾ ਅਤੇ ਦਾਂਦਰਾਲਾ ਖਰੌੜ ਵਿਖੇ ਐਲਈਡੀ ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਦਸਤਾਵੇਜ਼ੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ, ਪ੍ਰਭੂ ਭਗਤੀ, ਸਮਾਜਿਕ ਨਿਆਂ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਉਜਾਗਰ ਕੀਤਾ ਗਿਆ ਹੈ। ਮੁਹਿੰਮ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਹੈ।
ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਬਰਾਬਰੀ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਮਹੱਤਵਪੂਰਨ ਹੈ।
ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਮਹਾਨ ਸੰਤਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਸ ਦਸਤਾਵੇਜ਼ੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਕਰਾਰ ਦਿੱਤਾ।
ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH