
ਮੋਹਾਲੀ, 15 ਅਗਸਤ (ਹਿੰ.ਸ.)| ਮਾਸਟਰ ਗੁਰਸੇਵਕ ਸਿੰਘ ਕਤਲ ਮਾਮਲੇ ਵਿੱਚ ਪਰਿਵਾਰ ਨੂੰ ਹੁਣ ਤੱਕ ਇਨਸਾਫ਼ ਨਾ ਮਿਲਣ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ, ਸਿੱਖਿਆ ਵਿਭਾਗ ਨਾਲ ਜੁੜੇ ਕਰਮਚਾਰੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਮੋਹਾਲੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਨਾਮਜ਼ਦ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਗੁਰਸੇਵਕ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਅਜੇ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਉਨ੍ਹਾਂ ਦੇ ਸਾਥੀ ਅਧਿਆਪਕਾਂ ਅਤੇ ਕਰਮਚਾਰੀਆਂ ਵਿੱਚ ਵੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਪ੍ਰਦਰਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਗਈ। ਡੀਐੱਸਪੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੋਮਵਾਰ ਨੂੰ ਉਨ੍ਹਾਂ ਦੀ ਮੋਹਾਲੀ ਦੇ ਐੱਸਐੱਸਪੀ ਨਾਲ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਵਿੱਚ ਜਲਦ ਗ੍ਰਿਫ਼ਤਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀ ਉਥੋਂ ਵਾਪਸ ਚਲੇ ਗਏ। ਹਾਲਾਂਕਿ ਪਰਿਵਾਰਕ ਮੈਂਬਰਾਂ ਅਤੇ ਅਧਿਆਪਕਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਮਾਮਲੇ ਵਿੱਚ ਜਲਦ ਕਾਰਵਾਈ ਨਾ ਕੀਤੀ ਗਈ ਅਤੇ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਮੁੜ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ / GURSHARAN SINGH