
ਤਰਨ ਤਾਰਨ, 15 ਅਗਸਤ (ਹਿੰ.ਸ.)| ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਅਤੇ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਤਹਿਤ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਤਿਰੰਗੇ ਦੇ ਰੰਗਾਂ ਵਾਲੇ ਬਰੇਸਲੈੱਟ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਕੇਸਰੀ, ਚਿੱਟੇ ਅਤੇ ਹਰੇ ਰੰਗਾਂ ਦੀ ਵਰਤੋਂ ਕਰਕੇ ਸੁੰਦਰ ਬਰੇਸਲੈੱਟ ਤਿਆਰ ਕੀਤੇ। ਇਸ ਗਤੀਵਿਧੀ ਰਾਹੀਂ ਬੱਚਿਆਂ ਵਿੱਚ ਰਚਨਾਤਮਕਤਾ ਦੇ ਨਾਲ-ਨਾਲ ਰਾਸ਼ਟਰੀ ਝੰਡੇ ਦੇ ਰੰਗਾਂ ਅਤੇ ਦੇਸ਼ ਭਗਤੀ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਗਈ।ਇਸ ਤੋਂ ਇਲਾਵਾ ਕੇਂਦਰਾਂ ਵਿੱਚ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਗਏ। ਬੱਚਿਆਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਬਾਰੇ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਕੇਂਦਰਾਂ ਨੂੰ ਤਿਰੰਗੇ ਦੇ ਰੰਗਾਂ ਅਤੇ ਦੇਸ਼ ਭਗਤੀ ਨਾਲ ਸਬੰਧਤ ਸਜਾਵਟੀ ਸਮੱਗਰੀ ਨਾਲ ਸਜਾਇਆ ਗਿਆ।ਬੱਚਿਆਂ ਨੂੰ ਰਾਸ਼ਟਰੀ ਝੰਡੇ ਦਾ ਸਨਮਾਨ ਕਰਨ, ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਏਕਤਾ, ਭਾਈਚਾਰੇ ਤੇ ਸਦਭਾਵਨਾ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਪ੍ਰਿਆ ਸਿੰਘ ਨੇ ਕਿਹਾ ਕਿ ਅਜਿਹੀਆਂ ਰਚਨਾਤਮਕ ਅਤੇ ਗਿਆਨਵਰਧਕ ਗਤੀਵਿਧੀਆਂ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਦੇਸ਼ ਭਗਤੀ, ਏਕਤਾ ਅਤੇ ਰਾਸ਼ਟਰੀ ਚੇਤਨਾ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / GURSHARAN SINGH