
ਲੁਧਿਆਣਾ, 16 ਅਗਸਤ (ਹਿੰ.ਸ.)| ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵਾਰਦਾਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਲੁਧਿਆਣਾ ਦੇ ਇਸੜੂ ਵਿਖੇ ਅਕਾਲੀ ਦਲ ਦੀ ਰੈਲੀ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਹਮਲਾਵਰ ਨੇ ਕਰੀਬ ਦੋ ਫੁੱਟ ਲੰਬੇ ਚਾਕੂ ਨਾਲ ਸੁਖਬੀਰ ਬਾਦਲ ਦੀ ਛਾਤੀ ’ਤੇ ਵਾਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਹਮਲੇ ਤੋਂ ਬਚਾਅ ਲਈ ਆਪਣਾ ਹੱਥ ਅੱਗੇ ਕੀਤਾ, ਜਿਸ ਕਾਰਨ ਚਾਕੂ ਉਨ੍ਹਾਂ ਦੇ ਹੱਥ ਵਿੱਚੋਂ ਆਰ-ਪਾਰ ਹੋ ਗਿਆ। ਇਸ ਹਮਲੇ ਵਿੱਚ ਉਨ੍ਹਾਂ ਨੂੰ 150 ਤੋਂ ਵੱਧ ਟਾਂਕੇ ਲੱਗੇ ਹਨ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਅਕਾਲੀ ਦਲ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਲੜਾਈ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੈ। ਅਜਿਹੇ ਕਾਇਰਾਨਾ ਹਮਲੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਨਹੀਂ ਤੋੜ ਸਕਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ’ਤੇ ਪੂਰਾ ਭਰੋਸਾ ਹੈ ਅਤੇ ਸੁਖਬੀਰ ਸਿੰਘ ਬਾਦਲ ਜਿਸ ਅਸਥਾਨ ਤੋਂ ਆਸ਼ੀਰਵਾਦ ਲੈ ਕੇ ਆਏ ਹਨ, ਉੱਥੋਂ ਹੋਰ ਮਜ਼ਬੂਤ ਹੋ ਕੇ ਪਰਤਣਗੇ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਹਿੱਤਾਂ ਲਈ ਆਪਣੀ ਲੜਾਈ ਜਾਰੀ ਰੱਖਣ ਅਤੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਸੁਖਬੀਰ ਸਿੰਘ ਬਾਦਲ ਦੀ ਪੰਜਾਬ, ਪੰਥ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਹਰਸਿਮਰਤ ਕੌਰ ਬਾਦਲ ਨੇ ਅਕਾਲੀ ਵਰਕਰਾਂ ਨੂੰ ਇਕਜੁੱਟ ਰਹਿਣ ਅਤੇ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹਨ ਦਾ ਸੱਦਾ ਦਿੱਤਾ।
ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਲਦ ਹੀ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ। ਵਫ਼ਦ ਵੱਲੋਂ ਸੁਖਬੀਰ ਬਾਦਲ ’ਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ’ਤੇ 13 ਅਗਸਤ ਨੂੰ ਨਾਂਦੇੜ ਵਿਖੇ ਹਮਲਾ ਹੋਇਆ ਸੀ। ਦੂਜੇ ਪਾਸੇ ਹਮਲਾਵਰ ਨਿਹੰਗ ਜਸਪਾਲ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਇਹ ਹਮਲਾ ਕਰਨ ਦਾ ਹੁਕਮ ਗੁਰੂ ਸਾਹਿਬ ਵੱਲੋਂ ਮਿਲਿਆ ਸੀ। ਉਸ ਦੇ ਮੁਤਾਬਕ ਜਦੋਂ ਉਹ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰ ਰਿਹਾ ਸੀ ਤਾਂ ਉਸ ਨੂੰ ਅਜਿਹਾ ਹੁਕਮ ਮਿਲਿਆ। ਇਸ ਤੋਂ ਬਾਅਦ ਜਦੋਂ ਸੁਖਬੀਰ ਬਾਦਲ ਉਸ ਦੇ ਸਾਹਮਣੇ ਆਏ ਤਾਂ ਉਸ ਨੇ ਖੰਜਰ ਕੱਢ ਕੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।
ਹਿੰਦੂਸਥਾਨ ਸਮਾਚਾਰ / GURSHARAN SINGH