ਮੋਹਾਲੀ ਦੇ ਵੱਖ-ਵੱਖ ਪਿੰਡਾਂ ’ਚ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ
ਮੋਹਾਲੀ, 17 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਬੀਤੇ ਕੱਲ੍ਹ ਵਿਸ਼ੇਸ਼ ਡਾਕੂਮੈਂਟਰੀ ਵੈਨ ਪਿੰਡ ਬ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦੇਖਦੇ ਹੋਏ ਪਿੰਡ ਵਾਸੀ।


ਮੋਹਾਲੀ, 17 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਉਣ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਪ੍ਰੋਗਰਾਮ ਤਹਿਤ ਬੀਤੇ ਕੱਲ੍ਹ ਵਿਸ਼ੇਸ਼ ਡਾਕੂਮੈਂਟਰੀ ਵੈਨ ਪਿੰਡ ਬੁੱਢਣਪੁਰ, ਝੱਜੋ ਅਤੇ ਖਿਲਾਵਰ ਵਿਖੇ ਪਹੁੰਚੀ ਜਿੱਥੇ ਵੈਨ 'ਤੇ ਲਗਾਈ ਗਈ ਵਿਸ਼ੇਸ਼ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫੇ, ਸਿੱਖਿਆਵਾਂ, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਬਰਾਬਰੀ ਲਈ ਪਾਏ ਗਏ ਬਹੁਮੁੱਲੇ ਯੋਗਦਾਨ ਬਾਰੇ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਇਸ ਮੌਕੇ ਪਿੰਡਾਂ ਦੀ ਇਕੱਠੀ ਹੋਈ ਸੰਗਤ ਨੇ ਦਸਤਾਵੇਜ਼ੀ ਫਿਲਮ ਦੌਰਾਨ ਬਹੁਤ ਹੀ ਸ਼ਰਧਾ ਨਾਲ ਗੁਰੂ ਜੀ ਦੇ ਜੀਵਨ ਨਾਲ ਜੁੜੀਆਂ ਇਤਿਹਾਸਕ ਘਟਨਾਵਾਂ, ਉਨ੍ਹਾਂ ਦੇ ਆਦਰਸ਼ਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਗਏ ਸੰਦੇਸ਼ਾਂ ਨੂੰ ਸੁਣਿਆ ਅਤੇ ਧਿਆਨ ਨਾਲ ਦੇਖਿਆ।

ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਨਤਾ, ਮਨੁੱਖਤਾ, ਸੇਵਾ, ਮਿਹਨਤ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ, ਜੋ ਅਜੋਕੇ ਸਮੇਂ ਵਿੱਚ ਵੀ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਵੈਨ ਇਲਾਕੇ ਦੇ ਹੋਰ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇਗੀ ਅਤੇ ਰੋਜ਼ਾਨਾ 3 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੀ ਮਹਾਨ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਪ੍ਰੇਰਨਾਦਾਇਕ ਡਾਕੂਮੈਂਟਰੀ ਨੂੰ ਵੱਧ ਤੋਂ ਵੱਧ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande