
ਫਤਹਿਗੜ੍ਹ ਸਾਹਿਬ, 17 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਮੰਡੀ ਗੋਬਿੰਦਗੜ੍ਹ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਦੀ ਨਾਜਾਇਜ਼ ਜਾਇਦਾਦ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਸੁਰਜੀਤ ਨਗਰ ਇਲਾਕੇ ਵਿੱਚ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ 1 ਮਾਰਚ 2025 ਤੋਂ ਸੂਬਾ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 4 ਹਜ਼ਾਰ ਤੋਂ ਵੱਧ ਵੱਡੇ ਅਤੇ ਛੋਟੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਕਰੀਬ 2 ਹਜ਼ਾਰ ਵਿਅਕਤੀਆਂ ਨੂੰ ਇਲਾਜ ਅਤੇ ਨਸ਼ਾ ਛੁਡਾਊ ਪ੍ਰਕਿਰਿਆ ਨਾਲ ਜੋੜਿਆ ਗਿਆ ਹੈ। ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਕਥਿਤ ਕਾਲੇ ਕਾਰੋਬਾਰ ਰਾਹੀਂ ਬਣਾਈਆਂ ਗਈਆਂ ਜਾਂ ਨਾਜਾਇਜ਼ ਗਤੀਵਿਧੀਆਂ ਨਾਲ ਸਬੰਧਤ 15 ਤੋਂ ਵੱਧ ਇਮਾਰਤਾਂ ਅਤੇ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸੁਰਜੀਤ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਜਿਸ ਵਿਅਕਤੀ ਦੀ ਨਾਜਾਇਜ਼ ਜਾਇਦਾਦ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ, ਉਸ ਵਿਰੁੱਧ ਲੁੱਟ-ਖੋਹ, ਚੋਰੀ ਅਤੇ ਨਸ਼ਿਆਂ ਦੀ ਵਿਕਰੀ ਤੇ ਸੇਵਨ ਨਾਲ ਸਬੰਧਤ ਪੰਜ ਮਾਮਲੇ ਦਰਜ ਹਨ। ਉਕਤ ਵਿਅਕਤੀ ਦੀ ਉਮਰ ਕਰੀਬ 33 ਸਾਲ ਹੈ ਅਤੇ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸੁਭਮ ਅਗਰਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਅਦਾਲਤਾਂ ਵਿੱਚ ਮਾਮਲਿਆਂ ਦੀ ਪੈਰਵੀ ਵੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਜ਼ਮਾਨਤ ਰੱਦ ਕਰਵਾਉਣ ਸਮੇਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਪੇਂਡੂ ਡਿਫੈਂਸ ਕਮੇਟੀਆਂ ਵੱਲੋਂ ਵੀ ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਜਾਂ ਜ਼ਮਾਨਤ ਦੀ ਗਾਰੰਟੀ ਨਾ ਦੇਣ ਸਬੰਧੀ ਪੁਲਿਸ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿਰੋਧੀ ਗਤੀਵਿਧੀ, ਖਾਸ ਕਰਕੇ ਨਸ਼ਿਆਂ ਦੀ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ‘ਸੇਫ਼ ਪੰਜਾਬ’ ਹੈਲਪਲਾਈਨ ਜਾਂ 112 ਰਾਹੀਂ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀਐਸਪੀ ਅਮਲੋਹ ਬਿਕਰਮਜੀਤ ਸਿੰਘ, ਐਸਐਚਓ ਸੰਦੀਪ ਸਿੰਘ, ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਸਮੇਤ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH