ਪੰਜਾਬ ਦੇ ਜਲ ਸਪਲਾਈ ਮੰਤਰੀ ਨੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 17 ਅਗਸਤ (ਹਿੰ.ਸ.)| ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿਖੇ ਕਰਵਾਏ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਇਮ
ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੰਤਰੀ ਹਰਦੀਪ ਸਿੰਘ ਮੁੰਡੀਆਂ


ਚੰਡੀਗੜ੍ਹ, 17 ਅਗਸਤ (ਹਿੰ.ਸ.)| ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਭਵਨ ਵਿਖੇ ਕਰਵਾਏ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ, ਸਮਰਪਣ ਅਤੇ ਸੁਹਿਰਦਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ।

ਮੁੰਡੀਆਂ ਨੇ ਕਿਹਾ ਕਿ ਨਵੀਂ ਭਰਤੀ ਨਾਲ ਵਿਭਾਗ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰਕ, 33 ਸੇਵਾਦਾਰ, 5 ਸਫ਼ਾਈ ਸੇਵਕ ਅਤੇ 1 ਦਫ਼ਤਰੀ ਚੌਕੀਦਾਰ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਲੋਕਾਂ ਦੇ ਜੀਵਨ ਪੱਧਰ ਨਾਲ ਸਿੱਧਾ ਸਬੰਧ ਹੈ। ਵਿਭਾਗ ਵੱਲੋਂ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

ਮੁੰਡੀਆਂ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਸ਼੍ਰੇਣੀਆਂ ਤਹਿਤ ਕੁੱਲ 572 ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 44 ਸਬ-ਡਿਵੀਜ਼ਨਲ ਇੰਜੀਨੀਅਰ, 99 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਹੈਲਪਰ ਟੈਕਨੀਸ਼ੀਅਨ, 135 ਸੇਵਾਦਾਰ, 2 ਚੌਕੀਦਾਰ ਅਤੇ 11 ਸਫ਼ਾਈ ਸੇਵਕ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਆਧਾਰਤ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਸਾਲ 2022 ਤੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰੀ ਨੇ ਕਿਹਾ ਕਿ ਨਵੇਂ ਕਰਮਚਾਰੀਆਂ ਦੀ ਭਰਤੀ ਨਾਲ ਵਿਭਾਗ ਦੀ ਸਮਰੱਥਾ ਵਧੇਗੀ, ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਆਵੇਗੀ ਅਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਸਮਾਗਮ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਮਵੀਰ, ਵਿਭਾਗ ਮੁਖੀ ਸਈਅਦ ਸਹਿਰਿਸ਼ ਅਸਗਰ, ਮੁੱਖ ਇੰਜੀਨੀਅਰ ਅਤੇ ਨਵ-ਨਿਯੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande