
ਅੰਮ੍ਰਿਤਸਰ, 17 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਐਤਵਾਰ ਦੇਰ ਰਾਤ ਅੰਮ੍ਰਿਤਸਰ ਤੋਂ ਨਵੇਂ ਰੂਟਾਂ ਲਈ ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਗਿਆ। ਵਿਧਾਇਕ ਡਾ. ਅਜੇ ਗੁਪਤਾ ਨੇ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਵੀ ਸ਼ਿਰਕਤ ਕੀਤੀ।ਨਵੇਂ ਰੂਟਾਂ ਤਹਿਤ ਸ਼ਰਧਾਲੂਆਂ ਨੂੰ ਖਾਟੂ ਸ਼ਿਆਮ, ਸਾਲਾਸਰ ਬਾਲਾਜੀ ਅਤੇ ਮਥੁਰਾ-ਵ੍ਰਿੰਦਾਵਨ ਸਮੇਤ ਕਈ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਬੱਸਾਂ ਦੀ ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਸ਼ਰਧਾਲੂ ਭਜਨ ਗਾਉਂਦੇ ਅਤੇ ਖੁਸ਼ੀ ਮਨਾਉਂਦੇ ਨਜ਼ਰ ਆਏ, ਜਿਸ ਕਾਰਨ ਮੌਕੇ ’ਤੇ ਧਾਰਮਿਕ ਮਾਹੌਲ ਬਣਿਆ ਰਿਹਾ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਇਹ ਉਪਰਾਲਾ ਕੀਤਾ ਗਿਆ ਹੈ।ਡਾ. ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਜਿਹੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੇ ਸਫ਼ਰ ਤੋਂ ਇਲਾਵਾ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਸਬੰਧੀ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੁਵਿਧਾਜਨਕ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦੇ ਨਾਲ-ਨਾਲ ਇਨ੍ਹਾਂ ਇਲਾਕਿਆਂ ਦੇ ਹੋਰ ਮਹੱਤਵਪੂਰਨ ਸਥਾਨਾਂ ਦੇ ਦਰਸ਼ਨ ਵੀ ਕਰ ਸਕਣਗੇ। ਉਨ੍ਹਾਂ ਅਨੁਸਾਰ ਇਸ ਯੋਜਨਾ ਰਾਹੀਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਯਾਤਰਾ ਦਾ ਮੌਕਾ ਮਿਲ ਰਿਹਾ ਹੈ।ਬੱਸਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਆਪਣੇ ਖਰਚੇ ’ਤੇ ਦੂਰ-ਦੁਰਾਡੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨਾ ਮੁਸ਼ਕਲ ਹੁੰਦਾ ਹੈ। ਸਰਕਾਰ ਦੀ ਇਸ ਯੋਜਨਾ ਨੇ ਉਨ੍ਹਾਂ ਨੂੰ ਬਿਨਾਂ ਵੱਡਾ ਆਰਥਿਕ ਬੋਝ ਚੁੱਕੇ ਆਪਣੀ ਧਾਰਮਿਕ ਆਸਥਾ ਪੂਰੀ ਕਰਨ ਦਾ ਮੌਕਾ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH