
ਚੰਡੀਗੜ੍ਹ, 18 ਅਗਸਤ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਕਿਰਤ ਅਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮੰਡਵੀਆ ਨੂੰ ਪੱਤਰ ਲਿਖ ਕੇ ਬਠਿੰਡਾ ਵਿਖੇ ਕਰਮਚਾਰੀ ਰਾਜ ਬੀਮਾ ਨਿਗਮ ਦਾ ਸਬ-ਰੀਜਨਲ ਦਫ਼ਤਰ ਸਥਾਪਤ ਕਰਨ ਦੀ ਮੰਗ ਕੀਤੀ ਹੈ। ਕੇਵਲ ਸਿੰਘ ਢਿੱਲੋਂ ਨੇ ਈਐਸਆਈਸੀ ਐਂਪਲੌਈਜ਼ ਯੂਨੀਅਨ, ਪੰਜਾਬ ਰੀਜਨ, ਚੰਡੀਗੜ੍ਹ ਵੱਲੋਂ ਪ੍ਰਾਪਤ ਮੰਗ ਪੱਤਰ ਨੂੰ ਕੇਂਦਰੀ ਮੰਤਰੀ ਕੋਲ ਭੇਜਦਿਆਂ ਇਸ ਮੰਗ ਦਾ ਪੂਰਨ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਲਵਾ ਖੇਤਰ ਵਿੱਚ ਲੰਬੇ ਸਮੇਂ ਤੋਂ ਈਐਸਆਈਸੀ ਦੇ ਸਬ-ਰੀਜਨਲ ਦਫ਼ਤਰ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੱਖਾਂ ਬੀਮਾਯੁਕਤ ਵਿਅਕਤੀਆਂ, ਪੈਨਸ਼ਨਰਾਂ, ਰੋਜ਼ਗਾਰਦਾਤਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਈਐਸਆਈਸੀ ਨਾਲ ਸਬੰਧਤ ਕੰਮਾਂ ਲਈ ਦੂਰ-ਦੁਰਾਡੇ ਸਥਿਤ ਦਫ਼ਤਰਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ। ਇਸ ਕਾਰਨ ਉਨ੍ਹਾਂ ਨੂੰ ਵਾਧੂ ਸਮਾਂ ਅਤੇ ਪੈਸਾ ਖਰਚ ਕਰਨਾ ਪੈਂਦਾ ਹੈ ਅਤੇ ਕਈ ਵਾਰ ਜ਼ਰੂਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਮਾਲਵਾ ਖੇਤਰ ਦੇ ਵਰਕਰਾਂ, ਪੈਨਸ਼ਨਰਾਂ, ਰੋਜ਼ਗਾਰਦਾਤਿਆਂ ਅਤੇ ਹੋਰ ਲਾਭਪਾਤਰੀਆਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਬਠਿੰਡਾ ਵਿਖੇ ਈਐਸਆਈਸੀ ਦਾ ਸਬ-ਰੀਜਨਲ ਦਫ਼ਤਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਇਹ ਦਫ਼ਤਰ ਸਥਾਪਤ ਹੋਣ ਨਾਲ ਮਾਲਵਾ ਖੇਤਰ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਈਐਸਆਈਸੀ ਦੀਆਂ ਸੇਵਾਵਾਂ ਆਪਣੇ ਨੇੜੇ ਹੀ ਮਿਲ ਸਕਣਗੀਆਂ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਰਾਹਤ ਮਿਲੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH