‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਇਆ: ਬਲਤੇਜ ਸਿੰਘ ਪੰਨੂ
ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਪਟਿਆਲਾ ਵਿੱਚ ਰਾਤ ਦੇ ਠਹਿਰਾਅ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। ਮਸ਼ਾਲ ਨੂੰ ਆਮ ਆਦਮੀ ਪਾ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਅਗਲੇ ਪੜਾਅ ਲਈ ਰਵਾਨਾ ਕਰਦੇ ਹੋਏ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ।


ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਪਟਿਆਲਾ ਵਿੱਚ ਰਾਤ ਦੇ ਠਹਿਰਾਅ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। ਮਸ਼ਾਲ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਯਾਦਵਿੰਦਰ ਸਿੰਘ ਗੋਲਡੀ, ਏਡੀਸੀ ਦਮਨਜੀਤ ਸਿੰਘ ਮਾਨ ਅਤੇ ਖਿਡਾਰੀਆਂ ਨੇ ਅਗਲੇ ਪੜਾਅ ਲਈ ਰਵਾਨਾ ਕੀਤਾ।

ਇਸ ਮੌਕੇ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਕਰੀਬ 3100 ਖੇਡ ਸਟੇਡੀਅਮ ਬਣਾਏ ਗਏ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਤਿੰਨ ਪੀੜ੍ਹੀਆਂ ਦੇ ਲੋਕਾਂ ਨੂੰ ਇੱਕੋ ਮੰਚ ’ਤੇ ਖੇਡਾਂ ਨਾਲ ਜੁੜਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਸਿਰਫ਼ ਪੰਜਾਬ ਦੀ ਨਹੀਂ, ਸਗੋਂ ਪੂਰੇ ਦੇਸ਼ ਅਤੇ ਦੁਨੀਆ ਦੀ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸ਼ਮੂਲੀਅਤ ਨਾਲ ਯੋਜਨਾਬੱਧ ਢੰਗ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਹੱਤਵਪੂਰਨ ਸਾਧਨ ਸਾਬਤ ਹੋ ਰਹੀਆਂ ਹਨ।

ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਪੰਨੂ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਰੱਖਿਅਤ ਹੱਥਾਂ ਵਿੱਚ ਹੈ। ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਪ੍ਰਭਾਵ ਕਿਸਾਨਾਂ ’ਤੇ ਪੈ ਸਕਦਾ ਹੈ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ।

ਇਸ ਮੌਕੇ ਬਲਤੇਜ ਸਿੰਘ ਪੰਨੂ ਨੇ ਤਲਵਾਰਬਾਜ਼ੀ ਦੀ ਕਾਮਨਵੈਲਥ ਚੈਂਪੀਅਨਸ਼ਿਪ ਦੀ ਫੋਇਲ ਕੈਟੇਗਰੀ ਵਿੱਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀ ਤੇ ਕੋਚ ਅਰਜਨ, ਅਥਲੈਟਿਕਸ ਦੇ ਓਲੰਪੀਅਨ ਕੋਚ ਗੁਰਪ੍ਰੀਤ ਸਿੰਘ ਅਤੇ ਏਸ਼ੀਅਨ ਸਿਲਵਰ ਮੈਡਲ ਜੇਤੂ ਕ੍ਰਿਕਟਰ ਤੇ ਕੋਚ ਕਨਿਕਾ ਅਹੂਜਾ ਨੂੰ ਸਨਮਾਨਿਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ’ਤੇ ਕਬੱਡੀ, ਖੋ-ਖੋ, ਵਾਲੀਬਾਲ, ਫੁਟਬਾਲ ਅਤੇ ਅਥਲੈਟਿਕਸ ਸਮੇਤ 5 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਲ੍ਹਾ ਪੱਧਰ ’ਤੇ 28 ਅਤੇ ਰਾਜ ਪੱਧਰ ’ਤੇ 38 ਖੇਡਾਂ ਦੇ ਮੁਕਾਬਲੇ ਹੋਣਗੇ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ, ਕੋਚ, ਅਧਿਆਪਕ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਵੱਖ-ਵੱਖ ਖੇਡ ਜਥੇਬੰਦੀਆਂ ਨਾਲ ਜੁੜੇ ਵਿਅਕਤੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande