
ਪਟਿਆਲਾ, 18 ਅਗਸਤ (ਹਿੰ.ਸ.)| ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਬਲੋਵਾਲ ਵਿਖੇ ਚੱਲ ਰਹੇ ਸੜਕ ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਸੜਕ ਦਾ ਕੰਮ ਜਲਦ ਪੂਰਾ ਕਰਕੇ ਸ਼ਹਿਰ ਵਿੱਚ ਚੱਲ ਰਹੇ ਡੇਅਰੀ ਫਾਰਮਾਂ ਨੂੰ ਅਬਲੋਵਾਲ ਵਿਖੇ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਅਰੀ ਫਾਰਮਰਜ਼ ਨੂੰ ਅਬਲੋਵਾਲ ਵਿਖੇ ਸ਼ਿਫਟ ਕਰਨ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਵਿਕਾਸ ਕਰਨਾ ਜ਼ਰੂਰੀ ਹੈ।
ਇਸ ਲਈ ਸੜਕ ਨਿਰਮਾਣ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਨਿਰਮਾਣ ਕਾਰਜ ਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਦੇ ਨਾਲ-ਨਾਲ ਇਸ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨਾ ਵੀ ਯਕੀਨੀ ਬਣਾਇਆ ਜਾਵੇ।
ਡਾ. ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਡੇਅਰੀ ਫਾਰਮਾਂ ਨੂੰ ਨਿਰਧਾਰਤ ਸਥਾਨ ’ਤੇ ਤਬਦੀਲ ਕਰਨ ਨਾਲ ਸਫ਼ਾਈ, ਆਵਾਜਾਈ ਅਤੇ ਵਾਤਾਵਰਣ ਨਾਲ ਜੁੜੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਾਈ ਕੋਰਟ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਅਬਲੋਵਾਲ ਵਿਖੇ ਬਾਕੀ ਲੋੜੀਂਦੇ ਕੰਮ ਬਿਨਾਂ ਦੇਰੀ ਪੂਰੇ ਕਰਨ ਲਈ ਕਿਹਾ। ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਡੇਅਰੀ ਫਾਰਮਰਜ਼ ਨੂੰ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਕਾਰਵਾਈ ਵਿੱਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।
ਗੌਰਤਲਬ ਹੈ ਕਿ ਹਾਈ ਕੋਰਟ ਵੱਲੋਂ ਨਗਰ ਨਿਗਮ ਨੂੰ ਸੜਕ ਦਾ ਕੰਮ ਮੁਕੰਮਲ ਹੋਣ ਉਪਰੰਤ ਡੇਅਰੀ ਮਾਲਕਾਂ ਨੂੰ ਡੇਅਰੀ ਫਾਰਮ ਸ਼ਿਫਟ ਕਰਨ ਲਈ ਕਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਗਰ ਨਿਗਮ ਮੁਤਾਬਕ ਇਹ ਕੰਮ ਆਉਣ ਵਾਲੇ ਕੁਝ ਹਫ਼ਤਿਆਂ ਵਿੱਚ ਮੁਕੰਮਲ ਹੋਣ ਦੀ ਉਮੀਦ ਹੈ।
ਇਸ ਮੌਕੇ ਨਗਰ ਨਿਗਮ ਦੀ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਅਬਲੋਵਾਲ ਵਿਖੇ ਚੱਲ ਰਹੇ ਕੰਮਾਂ ਅਤੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ।
ਹਿੰਦੂਸਥਾਨ ਸਮਾਚਾਰ / GURSHARAN SINGH