
ਪਟਿਆਲਾ, 18 ਅਗਸਤ (ਹਿੰ.ਸ.)| ਪੰਜਾਬ ਸਾਈਕਲਿੰਗ ਟੀਮ ਅਤੇ ਪੀ.ਆਈ.ਐੱਸ. ਸੈਂਟਰ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਮਰਪਿਤ ਸਾਈਕਲਿੰਗ ਕੋਚ ਸੁਖਵਿੰਦਰ ਸਿੰਘ ਦੀ ਟ੍ਰੇਨਿੰਗ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ਨਾਲ ਸਮੁੱਚੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੋਚ ਸੁਖਵਿੰਦਰ ਸਿੰਘ ਦੀ ਅਚਾਨਕ ਮੌਤ ਨਾਲ ਸਾਈਕਲਿੰਗ ਸਮੇਤ ਸਮੁੱਚੇ ਖੇਡ ਜਗਤ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਐਸੋਸੀਏਸ਼ਨ ਦੇ ਪਰਿਵਾਰ ਦਾ ਅਹਿਮ ਹਿੱਸਾ ਸਨ ਅਤੇ ਇਸ ਔਖੀ ਘੜੀ ਵਿੱਚ ਐਸੋਸੀਏਸ਼ਨ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।
ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਈਕਲਿਸਟਾਂ ਦੀ ਸੁਰੱਖਿਆ ਨੂੰ ਲੈ ਕੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਰਾਹੀਂ ਖੇਡ ਮੰਤਰਾਲੇ ਨੂੰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਈਕਲਿਸਟਾਂ ਅਤੇ ਕੋਚਾਂ ਦੀ ਸੁਰੱਖਿਅਤ ਟ੍ਰੇਨਿੰਗ ਲਈ ਢੁਕਵੇਂ ਕਦਮ ਚੁੱਕਣੇ ਜ਼ਰੂਰੀ ਹਨ।
ਐਸੋਸੀਏਸ਼ਨ ਦੇ ਖਜ਼ਾਨਚੀ ਬੀ.ਐੱਸ. ਸੂਦਨ ਨੇ ਕਿਹਾ ਕਿ ਕੋਚ ਸੁਖਵਿੰਦਰ ਸਿੰਘ ਦਾ ਵਿਛੋੜਾ ਖੇਡ ਜਗਤ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਆਰਥਿਕ ਜਾਂ ਪ੍ਰਸ਼ਾਸਨਿਕ ਪੱਧਰ ’ਤੇ ਜਿਸ ਵੀ ਸਹਿਯੋਗ ਦੀ ਲੋੜ ਹੋਵੇਗੀ, ਐਸੋਸੀਏਸ਼ਨ ਵੱਲੋਂ ਉਸ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਵੇਗਾ।
ਐਸੋਸੀਏਸ਼ਨ ਦੇ ਮੀਤ ਪ੍ਰਧਾਨ ਐੱਸ.ਪੀ. ਸਿੰਘ ਅਤੇ ਸੰਯੁਕਤ ਸਕੱਤਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਸੁਖਵਿੰਦਰ ਸਿੰਘ ਨੇ ਆਪਣੇ ਆਖਰੀ ਸਾਹਾਂ ਤੱਕ ਖਿਡਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਬਿਹਤਰੀ ਨੂੰ ਪਹਿਲ ਦਿੱਤੀ। ਉਨ੍ਹਾਂ ਦਾ ਸਮਰਪਣ ਅਤੇ ਜਜ਼ਬਾ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਸ ਦੁੱਖ ਦੀ ਘੜੀ ਵਿੱਚ ਸੀਐਫਆਈ ਦੇ ਚੇਅਰਮੈਨ ਓੰਕਾਰ ਸਿੰਘ, ਜਨਰਲ ਸਕੱਤਰ ਮਨਿੰਦਰਪਾਲ ਸਿੰਘ, ਹਲਕਾ ਇੰਚਾਰਜ ਡਾ. ਰਣਜੋਧ ਸਿੰਘ ਹਡਾਣਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਡਾਇਰੈਕਟਰ ਸਪੋਰਟਸ ਜੀਵਨਜੋਤ ਸਿੰਘ ਤੇਜਾ, ਸਹਾਇਕ ਡਾਇਰੈਕਟਰ ਸ਼ਾਸ਼ਵਤ ਰਾਜਧਾਨ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਸਮੇਤ ਖੇਡ ਜਗਤ ਦੀਆਂ ਕਈ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਹਿੰਦੂਸਥਾਨ ਸਮਾਚਾਰ / GURSHARAN SINGH