
ਤਰਨ ਤਾਰਨ, 18 ਅਗਸਤ (ਹਿੰ.ਸ.)| ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਬਲਵੰਤ ਸਿੰਘ ਉਰਫ਼ ਕੁੰਮਣ ਸਿੰਘ ਵਾਸੀ ਪਹੁਵਿੰਡ, ਥਾਣਾ ਭਿੱਖੀਵਿੰਡ ਵਜੋਂ ਹੋਈ ਹੈ। ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਅਤੇ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਐੱਸਐੱਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਸੀਆਈਏ ਸਟਾਫ਼ ਤਰਨ ਤਾਰਨ ਦੀ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਪਾਰਟੀ ਜਦੋਂ ਪਿੰਡ ਮਨਿਆਲਾ ਜੈ ਸਿੰਘ, ਥਾਣਾ ਕੱਚਾ ਪੱਕਾ ਦੇ ਗੇਟ ਨੇੜੇ ਪਹੁੰਚੀ ਤਾਂ ਉੱਥੇ ਇੱਕ ਨੌਜਵਾਨ ਬੈਗ ਸਮੇਤ ਖੜ੍ਹਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ। ਪੁਲਿਸ ਮੁਤਾਬਕ ਮੁਲਜ਼ਮ ਨੇ ਆਪਣਾ ਨਾਮ ਬਲਵੰਤ ਸਿੰਘ ਉਰਫ਼ ਕੁੰਮਣ ਸਿੰਘ ਦੱਸਿਆ। ਡੀਐੱਸਪੀ ਭਿੱਖੀਵਿੰਡ ਅਤੁਲ ਸੋਨੀ ਦੀ ਹਾਜ਼ਰੀ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਮਾਮਲੇ ਵਿੱਚ ਥਾਣਾ ਕੱਚਾ ਪੱਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਵੱਖ-ਵੱਖ ਸਮੱਗਲਰਾਂ ਤੋਂ ਹੈਰੋਇਨ ਲੈ ਕੇ ਆਸ-ਪਾਸ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਹੁਣ ਪੁਲਿਸ ਉਸ ਦੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਸਬੰਧਾਂ ਅਤੇ ਸਪਲਾਈ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH