
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ; ਬਿਜਲੀ, ਟ੍ਰੈਫਿਕ, ਪਾਰਕਿੰਗ, ਸਫ਼ਾਈ ਅਤੇ ਨਾਜਾਇਜ਼ ਕਬਜ਼ਿਆਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾਮੋਹਾਲੀ, 19 ਅਗਸਤ (ਹਿੰ.ਸ.)| ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਅਗਵਾਈ ਹੇਠ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਕ ਸੰਸਥਾਵਾਂ ਨਾਲ ਸਬੰਧਤ ਨੁਮਾਇੰਦਿਆਂ ਵੱਲੋਂ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਉਠਾਈਆਂ ਗਈਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਵਿਭਾਗਵਾਰ ਨਿਪਟਾਰੇ ਦਾ ਜਾਇਜ਼ਾ ਲਿਆ ਗਿਆ। ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਪੋਰਟਲ ’ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਪਾਵਰਕਾਮ, ਪੁਲਿਸ, ਨਗਰ ਨਿਗਮ, ਸਥਾਨਕ ਸਰਕਾਰਾਂ ਵਿਭਾਗ, ਡਰੇਨੇਜ, ਗਮਾਡਾ, ਪੀਡਬਲਿਊਡੀ, ਸਨਅਤ ਵਿਭਾਗ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦਾ ਗੰਭੀਰਤਾ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਾਵਰਕਾਮ ਅਧਿਕਾਰੀਆਂ ਨੂੰ ਬਿਜਲੀ ਦੀਆਂ ਲਟਕਦੀਆਂ ਤਾਰਾਂ ਅਤੇ ਹੋਰ ਖ਼ਤਰਨਾਕ ਸਥਿਤੀਆਂ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਗਿਆ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਮੀਟਿੰਗ ਦੌਰਾਨ ਵਪਾਰੀਆਂ ਨੇ ਬਾਜ਼ਾਰਾਂ ਵਿੱਚ ਲੱਗਣ ਵਾਲੀਆਂ ਅਣਅਧਿਕਾਰਤ ਰੇਹੜੀਆਂ-ਫੜ੍ਹੀਆਂ ਨੂੰ ਹਟਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਫ਼ਾਈ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸਟਰੀਟ ਲਾਈਟਾਂ, ਸੀਵਰੇਜ, ਨਾਜਾਇਜ਼ ਕਬਜ਼ਿਆਂ ਅਤੇ ਗੈਰ-ਕਾਨੂੰਨੀ ਵੈਂਡਿੰਗ ਸਮੇਤ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਵੀ ਉਠਾਏ ਗਏ। ਡਾ. ਕਾਂਸਲ ਨੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਸਾਰੇ ਮੁੱਦੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਅਤੇ ਹਲਕਾ ਪੱਧਰੀ ਕਮਿਸ਼ਨ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦਾ ਬਿਨਾਂ ਦੇਰੀ ਨਿਪਟਾਰਾ ਕਰਕੇ ਕਾਰਵਾਈ ਦੀ ਅਪਡੇਟ ਪੋਰਟਲ ’ਤੇ ਦਰਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਹਲਕਾ ਪੱਧਰੀ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਯਸ਼ਪਾਲ ਬਾਂਸਲ, ਨਗਰ ਨਿਗਮ ਮੋਹਾਲੀ ਦੇ ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਨੁਮਾਇੰਦੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH