
ਕੋਟਕਪੂਰਾ, 19 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 12, ਲੱਕੜ ਕੰਡਾ ਨੇੜੇ ਗੁਰਦੁਆਰਾ ਸਾਹਿਬ ਅਤੇ ਵਾਰਡ ਨੰਬਰ 15 ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਮਸਲੇ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ।
ਸਪੀਕਰ ਸੰਧਵਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦ ਤੋਂ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਕਾਇਮ ਕਰਨਾ ਹੈ, ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਨਿਯਮਾਂ ਅਨੁਸਾਰ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰੇਕ ਵਰਗ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਤੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਗੁਰਮੀਤ ਸਿੰਘ ਆਰੇਵਾਲਾ, ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਮਨਦੀਪ ਮੌਗਾ ਸੈਕਟਰੀ ਰੈੱਡ ਕਰਾਸ, ਗੁਰਸੇਵਕ ਸਿੰਘ ਐਮ.ਸੀ. ਵਾਰਡ ਨੰਬਰ 15, ਐਰਨ ਜੋਸ਼ੀ ਐਮ.ਸੀ., ਡਿੰਪਲ ਕਲਿਆਣੀ, ਕਾਲਾ ਗਰੋਵਰ, ਟੋਨੀ ਸ਼ਰਮਾ, ਮਨਜੀਤ ਸਿੰਘ, ਸੂਰਜ ਕੁਮਾਰ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH