
ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਬਾਰੇ ਕੀਤੀ ਗੱਲਬਾਤ ਅੰਮ੍ਰਿਤਸਰ, 19 ਅਗਸਤ (ਹਿੰ.ਸ.)| ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ, ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ, ਸਰਕਾਰੀ ਹਾਈ ਸਕੂਲ ਟਾਂਗਰਾ ਅਤੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰ ਦਾ ਦੌਰਾ ਕੀਤਾ।ਇਸ ਦੌਰਾਨ ਮੰਤਰੀ ਨੇ ਸਕੂਲਾਂ ਦੇ ਅਧਿਆਪਕਾਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਉਨ੍ਹਾਂ ਨੂੰ ਖੇਡਾਂ, ਸੱਭਿਆਚਾਰਕ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵੀ ਬੇਹੱਦ ਮਹੱਤਵਪੂਰਨ ਹਨ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਸ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਮਹੱਤਵਪੂਰਨ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜ ਕੇ ਦੇਸ਼ ਦਾ ਪਹਿਲਾ ਸੂਬਾ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ।ਮੰਤਰੀ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਪੜ੍ਹਾਈ, ਉਪਲਬਧ ਸਹੂਲਤਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦੇ ਨਾਲ ਆਪਣੇ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਆਪਣੀਆਂ ਰੁਚੀਆਂ ਅਨੁਸਾਰ ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਸੁਚੱਜਾ ਅਤੇ ਆਧੁਨਿਕ ਮਾਹੌਲ ਮਿਲ ਸਕੇ।ਉਨ੍ਹਾਂ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ ਹੀ ਵਿਦਿਆਰਥੀਆਂ ਦਾ ਭਵਿੱਖ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ। सरकार ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH