5 ਸਤੰਬਰ ਤੋਂ ਸ਼ੁਰੂ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’, 10 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 19 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਤੋਂ 29 ਨਵੰਬਰ ਤੱਕ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਭਰ ਵਿੱਚੋਂ 10 ਲੱਖ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦਾ ਟੀਚ
ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 19 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਐਡੀਸ਼ਨ 5 ਸਤੰਬਰ ਤੋਂ 29 ਨਵੰਬਰ ਤੱਕ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕਰਦਿਆਂ ਕਿਹਾ ਕਿ ਇਸ ਵਾਰ ਸੂਬੇ ਭਰ ਵਿੱਚੋਂ 10 ਲੱਖ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ। ਖੇਡਾਂ ਦਾ ਉਦਘਾਟਨੀ ਸਮਾਰੋਹ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਵੇਗਾ, ਜਦਕਿ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਕਰਵਾਇਆ ਜਾਵੇਗਾ।ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਖੇਡ ਪ੍ਰਤਿਭਾ ਦੀ ਪਛਾਣ ਕਰਨ ਅਤੇ ਉਸ ਨੂੰ ਨਿਖਾਰਨ ਦਾ ਵੱਡਾ ਮੰਚ ਬਣ ਚੁੱਕੀਆਂ ਹਨ। ਇਸ ਸਾਲ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀਆਂ ਲਈ ਨੌਂ ਉਮਰ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਚੌਥੇ ਐਡੀਸ਼ਨ ਵਿੱਚ ਕੁੱਲ 38 ਖੇਡ ਵੰਨਗੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਰਾਜ ਪੱਧਰ ’ਤੇ ਚਾਰ ਪੈਰਾ ਖੇਡਾਂ—ਪੈਰਾ ਅਥਲੈਟਿਕਸ, ਪੈਰਾ ਪਾਵਰਲਿਫਟਿੰਗ, ਪੈਰਾ ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ—ਵੀ ਕਰਵਾਈਆਂ ਜਾਣਗੀਆਂ। ਪੈਰਾ ਖੇਡਾਂ ਦੇ ਮੁਕਾਬਲੇ 25 ਤੋਂ 28 ਨਵੰਬਰ ਤੱਕ ਲੁਧਿਆਣਾ ਵਿਖੇ ਹੋਣਗੇ।ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਮੁਕਾਬਲੇ ਸੂਬੇ ਦੇ ਸਾਰੇ 153 ਬਲਾਕਾਂ ਅਤੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਕਰਵਾਏ ਜਾਣਗੇ। ਖਿਡਾਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਫ਼ਤ ਰੱਖੀ ਗਈ ਹੈ। ਖੇਡ ਵਿਭਾਗ ਵੱਲੋਂ ਪਹਿਲੀ ਵਾਰ ਕੋਡ ਆਧਾਰਿਤ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਤੇ ਵੀ ਰਜਿਸਟਰ ਕਰ ਸਕਦੇ ਹਨ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਤਿੰਨ ਗੇੜਾਂ ਵਿੱਚ 16 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਪਹਿਲਾ ਗੇੜ 10 ਤੋਂ 15 ਅਕਤੂਬਰ, ਦੂਜਾ ਗੇੜ 17 ਤੋਂ 23 ਅਕਤੂਬਰ ਅਤੇ ਤੀਜਾ ਗੇੜ 17 ਤੋਂ 23 ਨਵੰਬਰ ਤੱਕ ਹੋਵੇਗਾ। ਰਾਜ ਪੱਧਰ ’ਤੇ ਸੋਨੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 10,000 ਰੁਪਏ, ਚਾਂਦੀ ਦੇ ਤਮਗਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦੇ ਤਮਗਾ ਜੇਤੂ ਨੂੰ 5,000 ਰੁਪਏ ਇਨਾਮ ਦਿੱਤਾ ਜਾਵੇਗਾ। 40 ਸਾਲ ਤੱਕ ਦੀ ਉਮਰ ਦੇ ਤਮਗਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ, ਜਿਸ ਨਾਲ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਹੋਣਗੇ।ਮੁੱਖ ਮੰਤਰੀ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਤਿੰਨ ਸੀਜ਼ਨਾਂ ਦੌਰਾਨ ਖਿਡਾਰੀਆਂ ਨੂੰ 25.51 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਵਾਰ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਨਵੇਂ ਬਣੇ ਪੇਂਡੂ ਖੇਡ ਮੈਦਾਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇਗੀ। ਖੇਡਾਂ ਨੂੰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਵੀਂ ਪ੍ਰਤਿਭਾ ਨੂੰ ਮੌਕੇ ਦੇਣ ਅਤੇ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande