
ਫਾਜ਼ਿਲਕਾ, 19 ਅਗਸਤ (ਹਿੰ.ਸ.)| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਹਾਇਕ ਕਮਿਸ਼ਨਰ ਹਰਬੰਸ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਛੇ ਸਾਲ ਪੂਰੇ ਹੋਣ ’ਤੇ ਇਸ ਵਰ੍ਹੇਗੰਢ ਨੂੰ ਸਮਰਪਿਤ ਦੇਸ਼ ਭਰ ਵਿੱਚ ਸਹੁੰ ਚੁੱਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਸਮਾਜ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਜੋੜਨਾ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੱਧਰ ’ਤੇ ਲਗਭਗ 20 ਕਰੋੜ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸੇ ਤਹਿਤ ਪੰਜਾਬ ਵਿੱਚ ਵੀ ਲਗਭਗ 50 ਲੱਖ ਤੋਂ 1 ਕਰੋੜ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ। ਹਰਬੰਸ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਸਿਰਫ਼ ਸਰਕਾਰੀ ਯਤਨਾਂ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਾਂ, ਵਿਦਿਅਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਮੁਕਤ ਭਾਰਤ ਅਭਿਆਨ’ ਨਾਲ ਜੁੜ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH