
ਕੋਟਕਪੂਰਾ, 19 ਅਗਸਤ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਲਈ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਪਾਈਪਲਾਈਨ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਪੀਕਰ ਸੰਧਵਾਂ ਦਾ ਸਵਾਗਤ ਕਰਦਿਆਂ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਮੀਂਹ ਦਾ ਪਾਣੀ ਖੜ੍ਹਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਚੰਦਬਾਜਾ ਵਿੱਚ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ ਹੈ। ਇਸ ਨਾਲ ਮੀਂਹ ਦੇ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆ ਤੋਂ ਰਾਹਤ ਮਿਲੇਗੀ।ਸਪੀਕਰ ਨੇ ਕਿਹਾ ਕਿ ਵਿਕਾਸ ਦਾ ਮੁੱਖ ਮੰਤਵ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ। ਇਸੇ ਤਹਿਤ ਸੜਕਾਂ, ਗਲੀਆਂ, ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਪਾਣੀ ਦੀ ਨਿਕਾਸੀ ਵਰਗੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹਲਕੇ ਦੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਪੜਾਅਵਾਰ ਢੰਗ ਨਾਲ ਕਰਵਾਏ ਜਾ ਰਹੇ ਹਨ।ਉਨ੍ਹਾਂ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਦੀ ਸਾਂਭ-ਸੰਭਾਲ ਅਤੇ ਪਿੰਡ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਜਾਇਜ਼ ਮਸਲਿਆਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਰਪੰਚ ਅਬੈਜੀਤ ਸਿੰਘ ਢਿੱਲੋਂ ਸਮੇਤ ਰਵੀ ਬਰਾੜ, ਗੁਰਪ੍ਰੀਤ ਸਿੰਘ ਚੰਦਬਾਜਾ, ਸਰੂਪ ਸਿੰਘ, ਜਗਰੂਪ ਸਿੰਘ, ਭਿੰਦਾ ਸਿੰਘ ਢਿੱਲੋਂ, ਸ਼ਿੰਦਾ ਸਿੰਘ ਢਿੱਲੋਂ, ਗੁਰਲਾਲ ਸਿੰਘ ਢਿੱਲੋਂ, ਭਗਵਾਨ ਸਿੰਘ, ਅਮਰਜੀਤ ਸਿੰਘ ਬਰਾੜ ਅਤੇ ਹੋਰ ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH