
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਅਤੇ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕੀਤੀ ਅਗਵਾਈ
ਮੋਹਾਲੀ, 19 ਅਗਸਤ (ਹਿੰ.ਸ.)| ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4’ ਦੀ ਮਸ਼ਾਲ ਮਾਰਚ ਦਾ ਫਤਿਹਗੜ੍ਹ ਸਾਹਿਬ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ ’ਤੇ ਨਿੱਘਾ ਅਤੇ ਜੋਸ਼ ਭਰਪੂਰ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਸੈਕਟਰ-78, ਮੋਹਾਲੀ ਸਥਿਤ ਸਪੋਰਟਸ ਕੰਪਲੈਕਸ ਵਿਖੇ ਪਹੁੰਚੀ, ਜਿੱਥੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, 2016 ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਦੇ ਕਪਤਾਨ ਹਰਜੀਤ ਸਿੰਘ ਤੁਲੀ ਅਤੇ ਦਰੋਣਾਚਾਰੀਆ ਐਵਾਰਡੀ ਜੀਵਨਜੋਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਸ਼ਾਲ ਮਾਰਚ ਦੀ ਅਗਵਾਈ ਕੀਤੀ।
ਸਮਾਗਮ ਵਿੱਚ ਖਿਡਾਰੀਆਂ, ਵਿਦਿਆਰਥੀਆਂ ਅਤੇ ਖੇਡ ਪ੍ਰੇਮੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉੱਭਰਦੇ ਜਿਮਨਾਸਟਿਕ ਖਿਡਾਰੀਆਂ ਅਤੇ ਭੰਗੜਾ ਟੀਮਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ, ਐੱਸਡੀਐੱਮ ਮੋਹਾਲੀ ਦਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਵੀ ਮੌਜੂਦ ਰਹੇ।
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਉੱਭਰਦੇ ਖਿਡਾਰੀਆਂ ਨੂੰ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਮਜ਼ਬੂਤ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਕਦ ਇਨਾਮਾਂ, ਬਿਹਤਰ ਖੇਡ ਸਹੂਲਤਾਂ ਅਤੇ ਮੁਕਾਬਲਿਆਂ ਦੇ ਮੌਕਿਆਂ ਨਾਲ ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇਣਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਅਤੇ ਸਟੇਡੀਅਮ ਵਿਕਸਤ ਹੋਣ ਨਾਲ ਪੇਂਡੂ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਖਿਡਾਰੀ ਪਿੰਡ ਤੋਂ ਲੈ ਕੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਤੱਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ।
ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਹੈ ਅਤੇ ਸੂਬੇ ਦਾ ਖੇਡ ਬਜਟ ਵਧਾ ਕੇ 1,800 ਕਰੋੜ ਰੁਪਏ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਮੌਕੇ ਅਤੇ ਸਹਿਯੋਗੀ ਮਾਹੌਲ ਮਿਲਣ ਨਾਲ ਉਹ ਹਰ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰ ਸਕਦੇ ਹਨ।
‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4’ ਦੇ ਬਲਾਕ ਪੱਧਰੀ ਮੁਕਾਬਲੇ 3 ਤੋਂ 15 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 28 ਨਵੰਬਰ 2026 ਤੱਕ ਕਰਵਾਏ ਜਾਣਗੇ।
ਮਸ਼ਾਲ ਮਾਰਚ ਦਾ ਉਦੇਸ਼ ਖੇਡਾਂ, ਤੰਦਰੁਸਤੀ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣਾ ਹੈ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ 19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH