
ਫਰੀਦਕੋਟ, 19 ਅਗਸਤ (ਹਿੰ.ਸ.)| ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਰਾਹੁਲ ਚਾਬਾ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਕਤੂਬਰ 2026 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਬਿਨਾਂ ਪ੍ਰਵਾਨਗੀ ਲਾਊਡ ਸਪੀਕਰ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਚਲਾਉਣ ਦੀ ਮਨਾਹੀ ਰਹੇਗੀ। ਖਾਸ ਧਾਰਮਿਕ, ਸੱਭਿਆਚਾਰਕ ਜਾਂ ਹੋਰ ਸਮਾਗਮਾਂ ਦੌਰਾਨ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਨਿਰਧਾਰਤ ਸ਼ਰਤਾਂ ਤਹਿਤ ਲਿਖਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।
ਇਸੇ ਤਰ੍ਹਾਂ ਸਰਕਾਰੀ ਰਸਤਿਆਂ ਅਤੇ ਸੜਕਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਧਾਰਾ 223 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਵਿਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਵੇਚਣ ਅਤੇ ਉਨ੍ਹਾਂ ਵੱਲੋਂ ਇਸ ਦੀ ਵਰਤੋਂ ’ਤੇ ਵੀ ਰੋਕ ਰਹੇਗੀ।
ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਈਕਲਾਂ, ਰਿਕਸ਼ਿਆਂ, ਟਰੈਕਟਰ-ਟਰਾਲੀਆਂ, ਰੇਹੜੀਆਂ ਅਤੇ ਹੋਰ ਹੌਲੀ ਰਫ਼ਤਾਰ ਵਾਲੇ ਵਾਹਨਾਂ ਨੂੰ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ, ਆਈ-ਗਲਾਸ ਜਾਂ ਚਮਕਦਾਰ ਟੇਪ ਤੋਂ ਬਿਨਾਂ ਚਲਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਰਾਤ ਸਮੇਂ ਅਜਿਹੇ ਵਾਹਨ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਰਹਿੰਦਾ ਹੈ।
ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਨਤਕ ਛੱਪੜ ਪੂਰਨ ’ਤੇ ਵੀ ਰੋਕ ਲਗਾਈ ਗਈ ਹੈ। ਕੋਈ ਵਿਅਕਤੀ ਜਾਂ ਪੰਚਾਇਤ ਸਬੰਧਤ ਅਧਿਕਾਰੀ, ਉਪ ਮੰਡਲ ਮੈਜਿਸਟ੍ਰੇਟ ਜਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਪਹਿਲਾਂ ਮਨਜ਼ੂਰੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰ ਸਕੇਗੀ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਇਨ੍ਹਾਂ ਪਾਬੰਦੀਆਂ ਦਾ ਉਦੇਸ਼ ਜਨਤਕ ਸ਼ਾਂਤੀ, ਸੜਕ ਸੁਰੱਖਿਆ, ਵਾਤਾਵਰਣ ਅਤੇ ਲੋਕ ਹਿੱਤਾਂ ਦੀ ਰੱਖਿਆ ਕਰਨਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH