
ਫਾਜ਼ਿਲਕਾ, 02 ਅਗਸਤ (ਹਿੰ.ਸ.)| ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਸਰਕਾਰ ਵੱਲੋਂ ਚਲਾਈ ਜਾ ਰਹੀ ਪੀਐਮ-ਰਾਹਤ ਯੋਜਨਾ ਆਮ ਲੋਕਾਂ ਲਈ ਬੇਹੱਦ ਲਾਹੇਵੰਦ ਹੈ। ਇਹ ਜਾਣਕਾਰੀ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਗੁਰਪ੍ਰੀਤ ਸਿੰਘ ਥਿੰਦ ਨੇ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਾਦਸੇ ਦੀ ਸਥਿਤੀ ਵਿੱਚ ਜ਼ਖ਼ਮੀਆਂ ਦੀ ਤੁਰੰਤ ਮਦਦ ਕੀਤੀ ਜਾਵੇ ਅਤੇ ਬਿਨਾਂ ਕਿਸੇ ਡਰ ਜਾਂ ਝਿਝਕ ਦੇ ਉਨ੍ਹਾਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਪਹੁੰਚਾਇਆ ਜਾਵੇ।ਆਰਟੀਓ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਹਰੇਕ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ ਜਾਨ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਲਈ ਹਸਪਤਾਲਾਂ ਨੂੰ ਪੀੜਤਾਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਸੜਕਾਂ ’ਤੇ ਵਾਹਨ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰੇਕ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਦਾ ਹੱਕਦਾਰ ਹੈ। ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਲਾਜ਼ਮੀ ਨਹੀਂ ਹੈ। ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਲਈ 112 ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਯੋਜਨਾ ਦਾ ਸੰਚਾਲਨ ਈ-ਡਾਰ ਅਤੇ ਨੈਸ਼ਨਲ ਹੈਲਥ ਅਥਾਰਟੀ ਦੇ ਟੀਐਮਐਸ 2.0 ਪੋਰਟਲ ਰਾਹੀਂ ਕੀਤਾ ਜਾਂਦਾ ਹੈ, ਜਦਕਿ ਇਲਾਜ ਦਾ ਖਰਚਾ ਮੋਟਰ ਵਾਹਨ ਦੁਰਘਟਨਾ ਫੰਡ ਵਿੱਚੋਂ ਕੀਤਾ ਜਾਂਦਾ ਹੈ। ਹਿੱਟ ਐਂਡ ਰਨ ਮਾਮਲਿਆਂ ਵਿੱਚ ਇਹ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ।ਆਰਟੀਓ ਨੇ ਦੱਸਿਆ ਕਿ ‘ਰਾਹ-ਵੀਰ (ਗੁੱਡ ਸਮੈਰੀਟਨ) ਯੋਜਨਾ’ ਤਹਿਤ ਹਾਦਸੇ ਤੋਂ ਬਾਅਦ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਨ ਵਾਲੇ ਵਿਅਕਤੀ ਨੂੰ 25,000 ਰੁਪਏ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ।ਇੱਕ ਵਿਅਕਤੀ ਨੂੰ ਇੱਕ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਹ ਇਨਾਮ ਮਿਲ ਸਕਦਾ ਹੈ। ਜੇਕਰ ਇੱਕ ਤੋਂ ਵੱਧ ਵਿਅਕਤੀ ਮਿਲ ਕੇ ਹਾਦਸਾ ਪੀੜਤ ਦੀ ਮਦਦ ਕਰਦੇ ਹਨ ਤਾਂ ਇਨਾਮ ਦੀ ਰਕਮ ਉਨ੍ਹਾਂ ਵਿੱਚ ਬਰਾਬਰ ਵੰਡੀ ਜਾਂਦੀ ਹੈ। ਇਸ ਤੋਂ ਇਲਾਵਾ ਹਰ ਸਾਲ ਸ਼ਾਨਦਾਰ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ ’ਤੇ 1 ਲੱਖ ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐੱਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਬਾਅਦ ਮਦਦ ਕਰਨ ਵਾਲਾ ਵਿਅਕਤੀ ਉੱਥੋਂ ਜਾ ਸਕਦਾ ਹੈ।ਸਥਾਨਕ ਪੁਲਿਸ ਅਤੇ ਡਾਕਟਰ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਮੁਲਾਂਕਣ ਕਮੇਟੀ ਦੀ ਸਿਫ਼ਾਰਸ਼ ’ਤੇ ਇਨਾਮੀ ਰਕਮ ਪੀਐਫਐਮਐਸ ਰਾਹੀਂ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ। ਆਰਟੀਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸਥਿਤੀ ਵਿੱਚ ਮਨੁੱਖਤਾ ਦੇ ਨਾਤੇ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ। ਯੋਜਨਾ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH