
ਵਿਧਾਇਕ ਦਲਬੀਰ ਸਿੰਘ ਟੌਂਗ, ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗਅੰਮ੍ਰਿਤਸਰ, 20 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਬਾਬਾ ਬਕਾਲਾ ਸਾਹਿਬ ਦਲਬੀਰ ਸਿੰਘ ਟੌਂਗ, ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਰਈਆ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਦੇ ਪਵਿੱਤਰ ਰੱਖੜ ਪੁੰਨਿਆਂ ਦੇ ਤਿਉਹਾਰ ਨੂੰ ਸਮਰਪਿਤ ਦਾਣਾ ਮੰਡੀ ਰਈਆ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਸਮਾਗਮ ਦਾਣਾ ਮੰਡੀ ਰਈਆ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਵਿਧਾਇਕ ਨੇ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਵੀ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੰਗਤਾਂ ਵਿੱਚ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਸ਼ਾਮਿਲ ਹੋਣਗੀਆਂ। ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH