
ਫਾਜ਼ਿਲਕਾ, 20 ਅਗਸਤ (ਹਿੰ.ਸ.)| ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮਾਰਕਿਟ ਕਮੇਟੀ ਫਾਜ਼ਿਲਕਾ ਵੱਲੋਂ ਨੋਟੀਫਾਈਡ ਏਰੀਏ ਵਿੱਚ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਕੁੱਲ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ।
ਇਹ ਚੈੱਕ ਮਾਰਕਿਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵੱਲੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਗਏ। ਇਸ ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਮਨਦੀਪ ਕਾਮਰਾ, ਸੰਦੀਪ ਕੁਮਾਰ, ਲੇਖਾਕਾਰ ਅਤੇ ਅਰਵਿੰਦ ਕੁਮਾਰ, ਕਲਰਕ ਵੀ ਹਾਜ਼ਰ ਸਨ।
ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਨੇ ਕਿਹਾ ਕਿ ਖੇਤਾਂ ਵਿੱਚ ਕੰਮ ਕਰਦੇ ਸਮੇਂ ਹਾਦਸਿਆਂ ਦਾ ਸ਼ਿਕਾਰ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਕਮੇਟੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਅਜਿਹੇ ਪੀੜਤਾਂ ਨੂੰ ਜਲਦ ਤੋਂ ਜਲਦ ਰਾਹਤ ਪਹੁੰਚਾਉਣ ਲਈ ਮਾਰਕਿਟ ਕਮੇਟੀ ਵਚਨਬੱਧ ਹੈ।
ਉਨ੍ਹਾਂ ਕਿਸਾਨਾਂ ਅਤੇ ਖੇਤੀਬਾੜੀ ਕਾਮਿਆਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਦੇ ਸਮੇਂ ਸੁਰੱਖਿਆ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀ ਵਰਤਣ ਨਾਲ ਖੇਤੀਬਾੜੀ ਮਸ਼ੀਨਰੀ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH