
ਚੰਡੀਗੜ੍ਹ, 20 ਅਗਸਤ (ਹਿੰ.ਸ.)| ਬੰਦੀ ਸਿੰਘਾਂ ਦੀ ਰਿਹਾਈ, ਜਗਜੀਤ ਸਿੰਘ ਹਵਾਰਾ ਨੂੰ ਪੈਰੋਲ ਦੇਣ ਅਤੇ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਸਰਹੱਦ 'ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਕੌਮੀ ਇਨਸਾਫ਼ ਮੋਰਚਾ ਨੇ 21 ਅਗਸਤ, ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਬਾਜ਼ਾਰਾਂ, ਵਪਾਰਕ ਅਦਾਰਿਆਂ, ਸਕੂਲ-ਕਾਲਜਾਂ ਅਤੇ ਸੜਕੀ ਤੇ ਰੇਲ ਆਵਾਜਾਈ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਨੇ ਪੰਜਾਬ ਦੇ ਵੱਖ-ਵੱਖ ਰਸਤਿਆਂ 'ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਰੱਖਣ ਦੀ ਗੱਲ ਕਹੀ ਹੈ।ਕੌਮੀ ਇਨਸਾਫ਼ ਮੋਰਚੇ ਦੇ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖ਼ਾਲਸਾ, ਹਵਾਰਾ ਕਮੇਟੀ ਸਮੇਤ ਵੱਖ-ਵੱਖ ਪੰਥਕ, ਕਿਸਾਨ-ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਦਾ ਸਮਰਥਨ ਮਿਲਿਆ ਹੈ।ਐਸਜੀਪੀਸੀ ਨੇ ਆਪਣੇ ਅਧੀਨ ਆਉਂਦੇ ਸਾਰੇ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ਨੂੰ 21 ਅਗਸਤ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮੋਹਾਲੀ ਦੇ ਕਈ ਨਿੱਜੀ ਸਕੂਲਾਂ ਵਿੱਚ ਵੀ ਸ਼ੁੱਕਰਵਾਰ ਦੀ ਛੁੱਟੀ ਐਲਾਨੀ ਗਈ ਹੈ।ਬੰਦ ਦੌਰਾਨ ਇਨ੍ਹਾਂ ਸੇਵਾਵਾਂ 'ਤੇ ਪੈ ਸਕਦਾ ਹੈ ਅਸਰਬੱਸਾਂ, ਆਟੋ, ਟੈਕਸੀ ਅਤੇ ਰੇਲ ਸੇਵਾ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਹਾਈਵੇ, ਸਟੇਟ ਹਾਈਵੇ ਅਤੇ ਜ਼ਿਲ੍ਹਾ ਮਾਰਗਾਂ 'ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੋਰਚੇ ਵੱਲੋਂ ਰੇਲਾਂ ਦਾ ਚੱਕਾ ਜਾਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਬਾਜ਼ਾਰ ਅਤੇ ਵਪਾਰਕ ਅਦਾਰੇ: ਮੁੱਖ ਬਾਜ਼ਾਰਾਂ, ਸ਼ਾਪਿੰਗ ਮਾਲਾਂ ਅਤੇ ਥੋਕ ਮੰਡੀਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਵਪਾਰਕ ਜਥੇਬੰਦੀਆਂ ਅਤੇ ਦੁਕਾਨਦਾਰਾਂ ਤੋਂ ਵੀ ਸਹਿਯੋਗ ਮੰਗਿਆ ਗਿਆ ਹੈ। ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ: ਐਸਜੀਪੀਸੀ ਦੇ ਸਾਰੇ ਸਕੂਲ ਅਤੇ ਕਾਲਜ 21 ਅਗਸਤ ਨੂੰ ਬੰਦ ਰਹਿਣਗੇ। ਹੋਰ ਨਿੱਜੀ ਅਤੇ ਪੰਥਕ ਵਿਦਿਅਕ ਅਦਾਰਿਆਂ 'ਤੇ ਵੀ ਬੰਦ ਦਾ ਅਸਰ ਪੈ ਸਕਦਾ ਹੈ। ਕੌਮੀ ਇਨਸਾਫ਼ ਮੋਰਚੇ ਨੇ ਆਮ ਲੋਕਾਂ ਨੂੰ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਮੋਰਚੇ ਦਾ ਕਹਿਣਾ ਹੈ ਕਿ ਲੋਕ ਖੁਦ ਆਪਣੇ ਅਦਾਰੇ ਬੰਦ ਰੱਖਣ ਤਾਂ ਜੋ ਕਿਸੇ ਨੂੰ ਜ਼ਬਰਦਸਤੀ ਬੰਦ ਨਾ ਕਰਵਾਉਣਾ ਪਵੇ। ਉਧਰ, ਬੰਦ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH