
ਘੱਗਾ/ਪਾਤੜਾਂ, 20 ਅਗਸਤ (ਹਿੰ.ਸ.)| ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਅਤੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਘੱਗਾ ਵਿਖੇ ਪਾਤੜਾਂ ਅਤੇ ਘੱਗਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 31.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਸੋਧਕ ਪਲਾਂਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਇਹ ਪ੍ਰਾਜੈਕਟ ਅੰਮਰੁਤ-2 ਸਕੀਮ ਤਹਿਤ ਤਿਆਰ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਘੱਗਾ ਅਤੇ ਪਾਤੜਾਂ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸੋਧਕ ਪਲਾਂਟ ਦੇ ਮੁਕੰਮਲ ਹੋਣ ਨਾਲ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਨੂੰ ਸਾਫ਼, ਮਿਆਰੀ ਅਤੇ ਸੁਰੱਖਿਅਤ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ। ਇਸ ਨਾਲ ਲੋਕਾਂ ਨੂੰ ਪੀਣ ਵਾਲੇ ਪਾਣੀ ਸਬੰਧੀ ਵੱਡੀ ਰਾਹਤ ਮਿਲੇਗੀ।ਉਨ੍ਹਾਂ ਇਸ ਮਹੱਤਵਪੂਰਨ ਪ੍ਰਾਜੈਕਟ ਨੂੰ ਮਨਜ਼ੂਰੀ ਦਿਵਾਉਣ ਅਤੇ ਇਸ ਨੂੰ ਅਮਲੀ ਰੂਪ ਦੇਣ ਲਈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਦਾ ਧੰਨਵਾਦ ਕੀਤਾ।ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਲਈ ਪਾਣੀ ਕਰਮਗੜ੍ਹ ਲਿੰਕ ਤੋਂ ਲਿਆ ਜਾਵੇਗਾ। 11 ਐਮ.ਐਲ.ਡੀ. ਸਮਰੱਥਾ ਵਾਲੇ ਇਸ ਪਲਾਂਟ ਨੂੰ 18 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਪੂਰਾ ਹੋਣ ਉਪਰੰਤ ਪਾਤੜਾਂ ਅਤੇ ਘੱਗਾ ਦੇ ਵਸਨੀਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਵਿੱਚ ਵੱਡੀ ਮਦਦ ਮਿਲੇਗੀ।ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਵਾਲੇ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਲਾਂਟ ਦਾ ਨਿਰਮਾਣ ਨਿਰਧਾਰਤ ਸਮਾਂ-ਸੀਮਾ ਅੰਦਰ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ।ਇਸ ਮੌਕੇ ਚੀਫ ਇੰਜੀਨੀਅਰ ਜੀ.ਪੀ. ਸਿੰਘ, ਐਸ.ਈ. ਜਿਤਿਨ ਵਾਸੂਦੇਵਾ, ਐਕਸੀਅਨ ਹਰਸ਼ਰਨਜੀਤ ਸਿੰਘ, ਐਸ.ਡੀ.ਓ. ਲਲਿਤ ਮਿੱਤਲ, ਜੇ.ਈ. ਅਨੁਜ ਸੱਚਰ ਸਮੇਤ ਨਗਰ ਪੰਚਾਇਤ ਘੱਗਾ ਅਤੇ ਪਾਤੜਾਂ ਦੇ ਅਹੁਦੇਦਾਰ, ਕੌਂਸਲਰ, ਟਰੱਕ ਯੂਨੀਅਨ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH