
ਖਰੜ ਹਲਕੇ ਦੇ ਪਿੰਡਾਂ ਦੇ ਦੌਰੇ ਦੌਰਾਨ ਦੋ ਪੀਣ ਵਾਲੇ ਪਾਣੀ ਦੇ ਟੈਂਕਰ ਸੌਂਪੇ ਅਤੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਕੀਤਾ
ਮੋਹਾਲੀ, 20 ਅਗਸਤ (ਹਿੰ.ਸ.)| ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਭਾਜਪਾ ਦੀ ਫਿਰਕੂ ਸਿਆਸਤ ਲਈ ਕੋਈ ਥਾਂ ਨਹੀਂ ਹੈ, ਕਿਉਂਕਿ ਪੰਜਾਬ ਦੇ ਲੋਕ ਹਮੇਸ਼ਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਹੱਕ ਵਿੱਚ ਖੜ੍ਹੇ ਰਹੇ ਹਨ। ਖਰੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਐਮ.ਪੀ. ਕੰਗ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਨਾਮ ’ਤੇ ਸਿਆਸਤ ਕਰਨ ਵਾਲੀ ਭਾਜਪਾ ਅਯੁੱਧਿਆ ਵਿਖੇ ਰਾਮ ਮੰਦਰ ਲਈ ਪ੍ਰਾਪਤ ਦਾਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਖ਼ਿਲਾਫ਼ ਕੋਈ ਮਿਸਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ।
ਅਯੁੱਧਿਆ ਰਾਮ ਮੰਦਰ ਟਰੱਸਟ ਦੇ ਦੋ ਟਰੱਸਟੀਆਂ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਕਲੀਨ ਚਿੱਟ ਦਿੱਤੇ ਜਾਣ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪਹਿਲਾਂ ਹੀ ਉਮੀਦ ਅਨੁਸਾਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਰਾਮ ਭਗਤਾਂ ਦੀ ਆਸਥਾ ਅਤੇ ਸ਼ਰਧਾ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਾਜ ਨੂੰ ਫਿਰਕੂ ਆਧਾਰ ’ਤੇ ਵੰਡਣ ਦੀ ਕਿਸੇ ਵੀ ਕੋਸ਼ਿਸ਼ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ।
ਐਮ.ਪੀ. ਕੰਗ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਇੰਚਾਰਜ ਵਾਰ-ਵਾਰ ਬਦਲੇ ਜਾਣਾ ਵੀ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਨੂੰ ਸੂਬੇ ਵਿੱਚ ਆਪਣੀ ਕੋਈ ਸਿਆਸੀ ਜ਼ਮੀਨ ਤਿਆਰ ਹੁੰਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਸਿਹਤਮੰਦ ਲੋਕਤੰਤਰਿਕ ਰਵਾਇਤਾਂ ਦਾ ਸਮਰਥਨ ਕਰਦੇ ਆਏ ਹਨ ਅਤੇ ਮੌਜੂਦਾ ਭਗਵੰਤ ਸਿੰਘ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ। ਇਸ ਦੌਰਾਨ ਐਮ.ਪੀ. ਕੰਗ ਨੇ ਆਪਣੀ ਐਮ.ਪੀ. ਲੈਡ ਸਕੀਮ ਤਹਿਤ ਅੰਧੇਰੀ ਅਤੇ ਮਿਰਜ਼ਾਪੁਰ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੇ ਦੋ ਟੈਂਕਰ ਸੌਂਪੇ। ਇਸ ਤੋਂ ਇਲਾਵਾ ਉਨ੍ਹਾਂ ਭਗਤ ਮਾਜਰਾ, ਬੜੀ ਕਰੌਰਾਂ ਅਤੇ ਨਵਾਂ ਗਾਓਂ ਦੇ ਵਾਰਡ ਨੰਬਰ 7 ਵਿਖੇ ਤਿੰਨ ਓਪਨ ਜਿੰਮਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਦੋ ਪੀਣ ਵਾਲੇ ਪਾਣੀ ਦੇ ਟੈਂਕਰਾਂ ਅਤੇ ਤਿੰਨ ਓਪਨ ਜਿੰਮਾਂ ਲਈ ਕੁੱਲ 16.75 ਲੱਖ ਰੁਪਏ ਦੀ ਰਾਸ਼ੀ ਐਮ.ਪੀ. ਲੈਡ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ। ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH