ਘਨੌਰ ’ਚ ਪੰਜਾਬ ਬਚਾਓ ਰੈਲੀ ਲਈ ਅਕਾਲੀ ਦਲ ਵੱਲੋਂ ਪਿੰਡਾਂ ’ਚ ਲਾਮਬੰਦੀ, 30 ਅਗਸਤ ਨੂੰ ਹੋਵੇਗੀ ਰੈਲੀ
ਘਨੌਰ, 21 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਝਰ ਨੇ ਘਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ 30 ਅਗਸਤ ਨੂੰ ਘਨੌ
ਘਨੌਰ ’ਚ ਪੰਜਾਬ ਬਚਾਓ ਰੈਲੀ ਲਈ ਅਕਾਲੀ ਦਲ ਵੱਲੋਂ ਪਿੰਡਾਂ ’ਚ ਲਾਮਬੰਦੀ, 30 ਅਗਸਤ ਨੂੰ ਹੋਵੇਗੀ ਰੈਲੀ


ਘਨੌਰ, 21 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਝਰ ਨੇ ਘਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ 30 ਅਗਸਤ ਨੂੰ ਘਨੌਰ ਦਾਣਾ ਮੰਡੀ ਵਿਖੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ਨੂੰ ਲਾਮਬੰਦ ਕੀਤਾ।

ਇਹ ਮੀਟਿੰਗਾਂ ਘੱਗਰ ਸਰਾਏ, ਭੂਰੀ ਮਾਜਰਾ, ਅਲੀ ਮਾਜਰਾ, ਨੌਸ਼ਹਿਰਾ, ਮੁਗਲ ਸਰਾਏ, ਰਾਜਗੜ੍ਹ, ਰਾਮਨਗਰ ਸੈਣੀਆਂ, ਤੇਪਲਾ, ਮਹਿਮਦਪੁਰ, ਬਸਮਾ, ਬਸਮਾ ਕਲੋਨੀ, ਲੁਹਾਰ, ਨੰਦਗੜ੍ਹ, ਖੇੜੀ ਗੁਰਨਾ, ਮੋਹੀ ਕਲਾਂ, ਬੀਪੁਰ ਅਤੇ ਜਖੇਪਾਲ ਸਮੇਤ ਕਈ ਪਿੰਡਾਂ ਵਿੱਚ ਕੀਤੀਆਂ ਗਈਆਂ।

ਇਕੱਠਾਂ ਨੂੰ ਸੰਬੋਧਨ ਕਰਦਿਆਂ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸਰਬਜੀਤ ਸਿੰਘ ਝਿੰਝਰ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਘਟਨਾ ਸਾਬਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਨੂੰ ਸੱਤਾ ਤੋਂ ਹਟਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ 30 ਅਗਸਤ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਲਾਛੜੂ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਵੋਟ ਪਾਉਣ ਵਾਲੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।

ਸਰਬਜੀਤ ਸਿੰਘ ਝਿੰਝਰ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ ਅਤੇ ਪੰਜਾਬ ’ਤੇ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ ਜਾਰੀ ਨਾ ਕਰਨ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਰੈਲੀ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਰੈਲੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande