ਪੰਜਾਬ ਦੇ ਸਕੂਲਾਂ ਵਿੱਚ ਨਸ਼ਿਆਂ ਖ਼ਿਲਾਫ਼ ਸਾਲ ਭਰ ਚੱਲੇਗੀ ਜਾਗਰੂਕਤਾ ਮੁਹਿੰਮ
ਚੰਡੀਗੜ੍ਹ, 21 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਸੂਬੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਾਲ ਭਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਦਾ
ਪੰਜਾਬ ਦੇ ਸਕੂਲਾਂ ਵਿੱਚ ਨਸ਼ਿਆਂ ਖ਼ਿਲਾਫ਼ ਸਾਲ ਭਰ ਚੱਲੇਗੀ ਜਾਗਰੂਕਤਾ ਮੁਹਿੰਮ


ਚੰਡੀਗੜ੍ਹ, 21 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਸੂਬੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸਾਲ ਭਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ।

ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਵੱਲੋਂ ਜਾਰੀ ਗਤੀਵਿਧੀ ਕੈਲੰਡਰ ਮੁਤਾਬਕ ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ਨਸ਼ਾ ਵਿਰੋਧੀ ਸੁਨੇਹਿਆਂ ਵਾਲੇ ਪੋਸਟਰ ਤਿਆਰ ਕੀਤੇ ਜਾਣਗੇ। ਸਤੰਬਰ ਵਿੱਚ ਮਾਪਿਆਂ ਦੀ ਸ਼ਮੂਲੀਅਤ ਵਧਾਉਣ ਲਈ ਮਾਪੇ-ਅਧਿਆਪਕ ਮੀਟਿੰਗਾਂ ਕਰਵਾਈਆਂ ਜਾਣਗੀਆਂ, ਜਦਕਿ ਅਕਤੂਬਰ ਵਿੱਚ ਕਵਿਤਾ ਲਿਖਣ ਅਤੇ ਕੁਇਜ਼ ਮੁਕਾਬਲੇ ਹੋਣਗੇ।

ਨਵੰਬਰ ਤੋਂ ਫਰਵਰੀ ਤੱਕ ਨਸ਼ਾ ਵਿਰੋਧੀ ਜਾਗਰੂਕਤਾ ਵਰਕਸ਼ਾਪਾਂ, ਇੰਟਰਐਕਟਿਵ ਸੈਸ਼ਨ ਅਤੇ ਭਾਈਚਾਰਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਵੇਰ ਦੀਆਂ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਵੀ ਦਿਵਾਇਆ ਜਾਵੇਗਾ।

ਸਕੂਲਾਂ ਵਿੱਚ ‘ਨਸ਼ਾ-ਮੁਕਤ ਕਲੱਬ’ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਵੀਡੀਓ-ਆਧਾਰਤ ਨਸ਼ਾ ਵਿਰੋਧੀ ਪਾਠਕ੍ਰਮ ਦੀ ਵਰਤੋਂ ਕੀਤੀ ਜਾਵੇਗੀ ਅਤੇ ਵਿਦਿਆਰਥੀਆਂ ਨੂੰ ਸ਼ੱਕੀ ਨਸ਼ਾ ਵਰਤੋਂ ਜਾਂ ਇਸ ਨਾਲ ਜੁੜੀਆਂ ਘਟਨਾਵਾਂ ਦੀ ਜਾਣਕਾਰੀ ਦੇਣ ਲਈ ਟਿਪ-ਆਫ ਬਾਕਸ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਸਰਕਾਰ ਵੱਲੋਂ 21 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਮੱਸਿਆਵਾਂ ਅਤੇ ਨਸ਼ਾਖੋਰੀ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਕਲਾਸਰੂਮ ਤੋਂ ਸ਼ੁਰੂ ਹੋਣੀ ਚਾਹੀਦੀ ਹੈ ਅਤੇ ਜਾਗਰੂਕਤਾ ਤੇ ਰੋਕਥਾਮ ਇਸ ਜੰਗ ਦੇ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ।

ਇਸ ਤੋਂ ਇਲਾਵਾ ਸਕੂਲਾਂ ਦੇ ਆਲੇ-ਦੁਆਲੇ 500 ਮੀਟਰ ਦਾ ਨਸ਼ਾ-ਮੁਕਤ ਜ਼ੋਨ ਯਕੀਨੀ ਬਣਾਉਣ ਅਤੇ ਇਸ ਦੀ ਨਿਯਮਤ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਸਕੂਲ ਮੁਖੀਆਂ ਨੂੰ ਗਤੀਵਿਧੀਆਂ ਦਾ ਰਿਕਾਰਡ ਅਤੇ ਫੋਟੋਆਂ ਸੰਭਾਲਣ ਦੀ ਹਦਾਇਤ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande