
ਫਾਜ਼ਿਲਕਾ, 21 ਅਗਸਤ (ਹਿੰ.ਸ.)| ਫਾਜ਼ਿਲਕਾ ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਜਨ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਵੀ ਮੌਜੂਦ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਮਾਪੇ-ਅਧਿਆਪਕ ਮਿਲਣੀਆਂ ਤੋਂ ਇਲਾਵਾ ਭਾਸ਼ਣ, ਚਿੱਤਰਕਾਰੀ ਅਤੇ ਨਾਟਕ ਮੁਕਾਬਲੇ ਕਰਵਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪ੍ਰਭਾਵਸ਼ਾਲੀ ਸਾਧਨ ਹਨ। ਇਸ ਲਈ ਖੇਡ ਵਿਭਾਗ ਵੱਲੋਂ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਕਰਵਾਈਆਂ ਜਾਣ।ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਗਤੀਵਿਧੀਆਂ ਕਰਵਾ ਕੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਅਤੇ ਐਂਟੀ-ਡਰੋਨ ਸਿਸਟਮ ਦੀ ਮਦਦ ਨਾਲ ਵੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਦੌਰਾਨ ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸਮੇਂ-ਸਮੇਂ ’ਤੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਐੱਸਡੀਐੱਮ ਫਾਜ਼ਿਲਕਾ ਜੁਗਰਾਜ ਸਿੰਘ ਤੋਂ ਇਲਾਵਾ ਸਿਹਤ, ਸਿੱਖਿਆ, ਖੇਡ ਵਿਭਾਗ, ਬੀਐੱਸਐੱਫ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH