ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਅੱਜ, ਫਿਲਹਾਲ ਸੜਕਾਂ ’ਤੇ ਆਵਾਜਾਈ ਆਮ
ਚੰਡੀਗੜ੍ਹ, 21 ਅਗਸਤ (ਹਿੰ.ਸ.)| ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਨਹੀਂ ਮਿਲਿਆ ਅਤੇ ਸੜਕਾਂ ’ਤੇ ਆਵਾਜਾਈ ਆਮ ਵਾਂਗ ਜਾਰੀ ਹੈ। ਮੋਰਚੇ ਵੱਲੋਂ ਸਜ਼ਾ ਪੂਰੀ ਹੋਣ ਦੇ ਬਾਵਜੂਦ ਜ
ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਅੱਜ, ਫਿਲਹਾਲ ਸੜਕਾਂ ’ਤੇ ਆਵਾਜਾਈ ਆਮ


ਚੰਡੀਗੜ੍ਹ, 21 ਅਗਸਤ (ਹਿੰ.ਸ.)| ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਫਿਲਹਾਲ ਬੰਦ ਦਾ ਵਿਆਪਕ ਅਸਰ ਦੇਖਣ ਨੂੰ ਨਹੀਂ ਮਿਲਿਆ ਅਤੇ ਸੜਕਾਂ ’ਤੇ ਆਵਾਜਾਈ ਆਮ ਵਾਂਗ ਜਾਰੀ ਹੈ। ਮੋਰਚੇ ਵੱਲੋਂ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ।ਬੰਦ ਦੇ ਮੱਦੇਨਜ਼ਰ ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇੱਥੇ ਚੰਡੀਗੜ੍ਹ ਪੁਲਿਸ ਦੇ ਨਾਲ ਰੈਪਿਡ ਐਕਸ਼ਨ ਫੋਰਸ ਅਤੇ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਆਰਏਐਫ ਦੇ ਜਵਾਨਾਂ ਕੋਲ ਅੱਥਰੂ ਗੈਸ ਦੀਆਂ ਬੰਦੁਖਾਂ ਵੀ ਦੇਖੇ ਗਏ।ਚੰਡੀਗੜ੍ਹ, ਲੁਧਿਆਣਾ, ਮੋਹਾਲੀ, ਜਲੰਧਰ ਅਤੇ ਪਠਾਨਕੋਟ ਵਿੱਚ ਕਈ ਪ੍ਰਾਈਵੇਟ ਸਕੂਲ ਅੱਜ ਬੰਦ ਰੱਖੇ ਗਏ ਹਨ। ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਵੀ ਬੰਦ ਦੇ ਮੱਦੇਨਜ਼ਰ ਛੁੱਟੀ ਰੱਖਣ ਦੀ ਅਪੀਲ ਕੀਤੀ ਗਈ ਹੈ। ਕੌਮੀ ਇਨਸਾਫ਼ ਮੋਰਚੇ ਵੱਲੋਂ ਮੁੱਖ ਬਾਜ਼ਾਰਾਂ, ਦੁਕਾਨਾਂ, ਸ਼ਾਪਿੰਗ ਮਾਲਾਂ, ਥੋਕ ਮੰਡੀਆਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਨੈਸ਼ਨਲ ਹਾਈਵੇ, ਸਟੇਟ ਹਾਈਵੇ ਅਤੇ ਜ਼ਿਲ੍ਹਾ ਮਾਰਗਾਂ ’ਤੇ ਆਵਾਜਾਈ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।ਹਾਈਵੇ ਬੰਦ ਹੋਣ ਦੀ ਸਥਿਤੀ ਵਿੱਚ ਬੱਸਾਂ, ਆਟੋ ਅਤੇ ਟੈਕਸੀਆਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਮੋਰਚੇ ਵੱਲੋਂ ਬੰਦ ਦੌਰਾਨ ਰੇਲਵੇ ਟਰੈਕ ਜਾਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸਜੀਪੀਸੀ ਦੇ ਦਫ਼ਤਰ ਅਤੇ ਇਸ ਦੇ ਅਧੀਨ ਆਉਂਦੇ ਸਿੱਖਿਆ ਸੰਸਥਾਨ ਬੰਦ ਰਹਿਣ ਦੀ ਜਾਣਕਾਰੀ ਦਿੱਤੀ ਗਈ ਹੈ। ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਰੱਖਣ ਦਾ ਕੋਈ ਫ਼ੈਸਲਾ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਹਾਈਵੇ ਜਾਂ ਮੁੱਖ ਸੜਕਾਂ ’ਤੇ ਜਾਮ ਦੀ ਸਥਿਤੀ ਬਣਨ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸੇ ਤਰ੍ਹਾਂ ਸੂਬੇ ਭਰ ਵਿੱਚ ਬੈਂਕਾਂ ਨੂੰ ਬੰਦ ਰੱਖਣ ਦਾ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਥਾਵਾਂ ’ਤੇ ਬੈਂਕ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਸਰਕਾਰੀ ਦਫ਼ਤਰਾਂ ਨੂੰ ਵੀ ਬੰਦ ਰੱਖਣ ਸਬੰਧੀ ਕੋਈ ਐਲਾਨ ਨਹੀਂ ਹੈ। ਪੰਜਾਬ ਬੰਦ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (ਵਾਰਿਸ ਪੰਜਾਬ ਦੇ), ਦਲ ਖ਼ਾਲਸਾ, ਹਵਾਰਾ ਕਮੇਟੀ ਸਮੇਤ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਕਿਸਾਨ-ਮਜ਼ਦੂਰ ਸੰਗਠਨਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande