
ਅੰਮ੍ਰਿਤਸਰ, 21 ਅਗਸਤ (ਹਿੰ.ਸ.)| ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਗੱਗੜਭਾਣਾ ਦੀ ਸਹਿਕਾਰੀ ਸਭਾ ਦੀ ਚੋਣ ਦੌਰਾਨ ਗੱਗੜਭਾਣਾ ਅਤੇ ਪਿੰਡ ਪੱਲ੍ਹਾ ਤੋਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਨੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਸਨਮਾਨਿਤ ਕੀਤੇ ਗਏ ਗੱਗੜਭਾਣਾ ਦੇ ਮੈਂਬਰਾਂ ਵਿੱਚ ਸੁਖਦੇਵ ਸਿੰਘ, ਅਜੀਤ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਜਸਬੀਰ ਕੌਰ, ਨਰਿੰਦਰ ਸਿੰਘ, ਸ਼ਿੰਗਾਰਾ ਸਿੰਘ ਅਤੇ ਗੁਰਮੇਜ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਪਿੰਡ ਪੱਲ੍ਹਾ ਤੋਂ ਬਖਸ਼ੀਸ਼ ਸਿੰਘ, ਰਾਜਵਿੰਦਰ ਸਿੰਘ ਅਤੇ ਅਮਰਜੀਤ ਕੌਰ ਨੂੰ ਵੀ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਚੁਣੇ ਗਏ ਮੈਂਬਰ ਸਹਿਕਾਰੀ ਸਭਾ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਪਿੰਡਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਸਹਿਕਾਰੀ ਸਭਾ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਸਭਾ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਸੁਚਾਰੂ ਪ੍ਰਬੰਧਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਨਵੇਂ ਚੁਣੇ ਮੈਂਬਰ ਪਿੰਡ ਵਾਸੀਆਂ ਦੇ ਹਿੱਤਾਂ ਨੂੰ ਪਹਿਲ ਦੇ ਕੇ ਸਹਿਕਾਰੀ ਸਭਾ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਅਤੇ ਪਿੰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH