
ਕੂੜਾ ਪ੍ਰਬੰਧਨ ਲਈ ਸ਼ਹਿਰ ਤੋਂ ਬਾਹਰ ਜ਼ਮੀਨ ਖਰੀਦਣ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਲਿਆਉਣ ਦਾ ਫੈਸਲਾ
ਬਟਾਲਾ, 22 ਅਗਸਤ (ਹਿੰ.ਸ.)| ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤ ਨਾਲ ਸਬੰਧਤ 27 ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਨਗਰ ਨਿਗਮ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ, ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸੁਖਰਾਜ ਕੌਰ, ਡਿਪਟੀ ਮੇਅਰ ਨੀਲਮ ਚੌਹਾਨ ਸਮੇਤ ਸਮੂਹ ਕੌਂਸਲਰ ਮੌਜੂਦ ਸਨ।ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ, ਕਮਿਸ਼ਨਰ ਅਤੇ ਮੇਅਰ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਤਰੱਕੀ, ਖੁਸ਼ਹਾਲੀ ਅਤੇ ਸੁੰਦਰਤਾ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣਗੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਕੂੜਾ ਸੁੱਟਣ ਲਈ ਢੁਕਵੀਂ ਜਗ੍ਹਾ ਦੀ ਘਾਟ ਹੈ ਅਤੇ ਸ਼ਹਿਰ ਵਾਸੀ ਲੰਮੇ ਸਮੇਂ ਤੋਂ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਸਮੱਸਿਆ ਦੇ ਸਥਾਈ ਹੱਲ ਲਈ ਹਾਊਸ ਵੱਲੋਂ ਖਜੂਰੀ ਗੇਟ ਨੇੜੇ ਮਲਹੋਤਰਾ ਪੈਟਰੋਲ ਪੰਪ ਕੋਲ ਨਗਰ ਨਿਗਮ ਦੀ ਮਲਕੀਅਤ ਵਾਲੀ ਜ਼ਮੀਨ ਵੇਚ ਕੇ ਸ਼ਹਿਰ ਤੋਂ ਬਾਹਰ ਵੱਡੇ ਰਕਬੇ ਵਿੱਚ ਜ਼ਮੀਨ ਖਰੀਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਜ਼ਮੀਨ ’ਤੇ ਕੂੜੇ ਦੀ ਸੈਗਰੀਗੇਸ਼ਨ ਅਤੇ ਠੋਸ ਕੂੜਾ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਜ਼ਮੀਨ ਦੀ ਵਿਕਰੀ ਤੋਂ ਪ੍ਰਾਪਤ ਹੋਣ ਵਾਲੀ ਰਕਮ ਦਾ ਇਸਤੇਮਾਲ ਨਗਰ ਨਿਗਮ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ, ਬਕਾਇਆ ਦੇਣਦਾਰੀਆਂ ਦੇ ਨਿਪਟਾਰੇ ਅਤੇ ਸ਼ਹਿਰ ਦੇ ਵਿਕਾਸ ਤੇ ਲੋਕ ਹਿੱਤ ਦੇ ਕੰਮਾਂ ਲਈ ਕੀਤਾ ਜਾਵੇਗਾ। ਮੀਟਿੰਗ ਵਿੱਚ ਆਊਟਸੋਰਸ ਕਰਮਚਾਰੀਆਂ ਨਾਲ ਸਬੰਧਤ ਵੀ ਅਹਿਮ ਫੈਸਲਾ ਲਿਆ ਗਿਆ। 19 ਕਲਰਕ-ਕਮ-ਡਾਟਾ ਐਂਟਰੀ ਓਪਰੇਟਰਾਂ, ਸੈਨੇਟਰੀ ਕਲਰਕ, ਸੇਵਾਦਾਰ, ਮਾਲੀ, ਇਲੈਕਟ੍ਰੀਸ਼ਨ ਅਤੇ ਫਾਇਰ ਬ੍ਰਿਗੇਡ ਵਿੱਚ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਲਿਆਉਣ ਸਬੰਧੀ ਮਤਾ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਆਊਟਸੋਰਸ ’ਤੇ ਕੰਮ ਕਰ ਰਹੇ ਟਾਟਾ ਏਸੀ ਡਰਾਈਵਰਾਂ ਨੂੰ ਡੀ.ਸੀ. ਰੇਟ ਦੇਣ ਅਤੇ ਤਰਸ ਦੇ ਆਧਾਰ ’ਤੇ ਸਫਾਈ ਸੇਵਕ ਦੀ ਨੌਕਰੀ ਦੇਣ ਸਬੰਧੀ ਮਤੇ ਵੀ ਪਾਸ ਕੀਤੇ ਗਏ।ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਨੂੰ ਜਾਂਦੇ ਰਸਤਿਆਂ ’ਤੇ ਸਟਰੀਟ ਲਾਈਟਾਂ ਲਗਾਉਣ, ਨਵੇਂ ਇਤਿਹਾਸਕ ਐਂਟਰੀ ਗੇਟ ਬਣਾਉਣ, ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਵੀ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਸੁੰਦਰ ਅਤੇ ਵਿਕਾਸਮੁਖੀ ਸ਼ਹਿਰ ਬਣਾਉਣ ਲਈ ਯਤਨ ਜਾਰੀ ਰਹਿਣਗੇ।
ਹਿੰਦੂਸਥਾਨ ਸਮਾਚਾਰ / GURSHARAN SINGH