
ਬਠਿੰਡਾ, 22 ਅਗਸਤ (ਹਿੰ.ਸ.)| ਬਠਿੰਡਾ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਨੂੰ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਬੱਸ ਵਿੱਚ ਕਰੀਬ 35 ਸਕੂਲੀ ਬੱਚੇ ਸਵਾਰ ਸਨ, ਜਿਨ੍ਹਾਂ ਨੂੰ ਡਰਾਈਵਰ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਹ ਘਟਨਾ ਬੀਬੀ ਵਾਲੇ ਰੋਡ ’ਤੇ ਬਰਗਰ ਕਿੰਗ ਨੇੜੇ ਵਾਪਰੀ।ਜਾਣਕਾਰੀ ਮੁਤਾਬਕ ਬੱਸ ਸਿਲਵਰ ਔਕਸ ਸਕੂਲ ਦੀ ਸੀ। ਬੱਸ ਦੇ ਡਰਾਈਵਰ ਬੱਬੂ ਨੰਦ ਲਾਲ ਨੇ ਦੱਸਿਆ ਕਿ ਉਹ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੇ ਸਨ। ਇਸ ਦੌਰਾਨ ਬੱਸ ਦੇ ਅਗਲੇ ਹਿੱਸੇ ਵਿੱਚੋਂ ਅਚਾਨਕ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਸਥਿਤੀ ਨੂੰ ਭਾਂਪਦਿਆਂ ਡਰਾਈਵਰ ਨੇ ਤੁਰੰਤ ਬੱਸ ਨੂੰ ਸੜਕ ਕਿਨਾਰੇ ਰੋਕ ਦਿੱਤਾ।ਅੱਗ ਲੱਗਣ ਤੋਂ ਬਾਅਦ ਡਰਾਈਵਰ ਨੇ ਬੱਚਿਆਂ ਦੀ ਮਦਦ ਨਾਲ ਬੱਸ ਦੀਆਂ ਕੁਝ ਖਿੜਕੀਆਂ ਤੋੜੀਆਂ ਅਤੇ ਬੱਚਿਆਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ। ਆਲੇ-ਦੁਆਲੇ ਦੀਆਂ ਦੁਕਾਨਾਂ ਤੋਂ ਫਾਇਰ ਸਿਲੰਡਰ ਲਿਆ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਸਥਾਨਕ ਵਸਨੀਕ ਮਨਜਿੰਦਰ ਸਿੰਘ ਰਾਗੀ ਨੇ ਦੱਸਿਆ ਕਿ ਉਨ੍ਹਾਂ ਨੇ ਬੱਸ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਆਲੇ-ਦੁਆਲੇ ਦੀਆਂ ਦੁਕਾਨਾਂ ਤੋਂ ਪਾਣੀ ਇਕੱਠਾ ਕੀਤਾ ਅਤੇ ਬੱਚਿਆਂ ਨੂੰ ਇੱਕ-ਇੱਕ ਕਰਕੇ ਬੱਸ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕੀਤੀ।ਘਟਨਾ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਫਾਇਰ ਕਰਮਚਾਰੀਆਂ ਨੇ ਸਮੇਂ ਸਿਰ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਹਾਦਸੇ ਵਿੱਚ ਕਿਸੇ ਵੀ ਬੱਚੇ ਜਾਂ ਹੋਰ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ ਅੱਗ ਕਾਰਨ ਬੱਸ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬਠਿੰਡਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਮੇਜਰ ਸਿੰਘ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੱਸ ਦੇ ਅਗਲੇ ਹਿੱਸੇ ਵਿੱਚੋਂ ਧੂੰਆਂ ਨਿਕਲਣ ਤੋਂ ਬਾਅਦ ਅੱਗ ਲੱਗੀ, ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH