ਅੰਮ੍ਰਿਤਸਰ ਵਿਖੇ ਹੌਟਸਪਾਟ ਇਲਾਕਿਆਂ ਵਿੱਚ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਚਲਾਈ
ਅੰਮ੍ਰਿਤਸਰ, 22 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿ
ਅੰਮ੍ਰਿਤਸਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਮੁਹਿੰਮ ਦੌਰਾਨ ਸਿਹਤ ਵਿਭਾਗ ਦੀ ਟੀਮ।


ਅੰਮ੍ਰਿਤਸਰ, 22 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਵਿੱਚ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ ਅਤੇ ਸਪਰੇਅ ਕਰਨ ਦੇ ਨਾਲ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਨੇ ਸਿਵਲ ਹਸਪਤਾਲ, ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਕਾਲਜਾਂ ਤੋਂ ਇਲਾਵਾ ਰਾਮ ਬਾਗ, ਜਹਾਜਗੜ੍ਹ, ਪੁਤਲੀਘਰ, ਮਜੀਠਾ ਰੋਡ, ਰੋਡਵੇਜ਼ ਅਤੇ ਭਗਤਾਂਵਾਲਾ ਸਮੇਤ ਹੋਰ ਹੌਟਸਪਾਟ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਮੱਛਰਾਂ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਜਾਂਚ ਕਰਕੇ ਐਂਟੀ ਲਾਰਵਾ ਕਾਰਵਾਈ ਕੀਤੀ ਗਈ ਅਤੇ ਲੋਕਾਂ ਨੂੰ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਸਿਵਲ ਸਰਜਨ ਡਾ. ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਕਈ ਥਾਵਾਂ ’ਤੇ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਮੱਛਰਾਂ ਦੀ ਪੈਦਾਵਾਰ ਵਧਣ ਦਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ-ਨਾਲ ਹਰ ਨਾਗਰਿਕ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।

ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਵਾਇਰਲ ਬਿਮਾਰੀ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ, ਮੂੰਹ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨਜ਼ਦੀਕੀ ਸਰਕਾਰੀ ਹਸਪਤਾਲ ਵਿੱਚ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਤੇ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਸਹਾਇਕ ਮਲੇਰੀਆ ਅਫ਼ਸਰ ਗੁਰਦੇਵ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਫੀਲਡ ਵਰਕਰ ਅਤੇ ਬਰੀਡਿੰਗ ਚੈੱਕਰ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande