
ਪਟਿਆਲਾ, 22 ਅਗਸਤ (ਹਿੰ.ਸ.)| ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤੱਕ ਮਿਆਰੀ, ਸੌਖੀ ਅਤੇ ਸਮੇਂ ਸਿਰ ਸਿਹਤ ਸੇਵਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਉਨ੍ਹਾਂ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਨੇੜੇ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ, ਜੋ ਕਿਸੇ ਕਾਰਨ ਵੱਡੇ ਹਸਪਤਾਲਾਂ ਤੱਕ ਆਸਾਨੀ ਨਾਲ ਨਹੀਂ ਪਹੁੰਚ ਸਕਦੇ।
ਸਿਹਤ ਮੰਤਰੀ ਨੇ ਦੱਸਿਆ ਕਿ ਮੈਡੀਕਲ ਕਾਲਜ ਤੋਂ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਇਸ ਕੈਂਪ ਵਿੱਚ ਪਹੁੰਚੀ ਹੈ। ਕੈਂਪ ਦੌਰਾਨ ਲੋਕਾਂ ਨੂੰ ਇੱਕੋ ਛੱਤ ਹੇਠ ਮਾਹਿਰ ਡਾਕਟਰੀ ਸਲਾਹ, ਜ਼ਰੂਰੀ ਜਾਂਚ ਅਤੇ ਵੱਖ-ਵੱਖ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਮਕਸਦ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਸਗੋਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਸ਼ੁਰੂਆਤੀ ਪੜਾਅ ’ਤੇ ਇਲਾਜ ਨੂੰ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਜੇਕਰ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਇਨ੍ਹਾਂ ਦੇ ਗੰਭੀਰ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ ਅਤੇ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸਿਹਤ ਮੰਤਰੀ ਵੱਲੋਂ ਸੀ.ਐਚ.ਸੀ. ਤ੍ਰਿਪੜੀ ਵਿਖੇ ਨਵੀਂ ਅਲਟ੍ਰਾਸਾਊਂਡ ਮਸ਼ੀਨ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਮੈਡੀਕਲ ਸਹੂਲਤਾਂ ਅਤੇ ਉਪਕਰਨ ਉਪਲਬਧ ਕਰਵਾਉਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH