ਸਿਹਤ ਮੰਤਰੀ ਨੇ ਲੋਕਾਂ ਦੀ ਸੂਚਨਾ ‘ਤੇ ਖੁਦ ਪਿੰਡ ਕਸਿਆਣਾ ਪੁੱਜਕੇ ਦਬੋਚਿਆ ਨਸ਼ਾ ਤਸਕਰ
ਪਟਿਆਲਾ, 22 ਅਗਸਤ (ਹਿੰ.ਸ.)| ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇੱਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ ਅਤੇ ਪੁਲਿ
ਪਿੰਡ ਕਸਿਆਣਾ ਵਿਖੇ ਮੰਤਰੀ ਡਾ. ਬਲਬੀਰ ਸਿੰਘ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਤਸਕਰ ਨੂੰ ਕਾਬੂ ਕਰਨ ਸਮੇਂ।


ਪਟਿਆਲਾ, 22 ਅਗਸਤ (ਹਿੰ.ਸ.)| ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਕਸਿਆਣਾ ਵਿਖੇ ਪਿੰਡ ਵਾਸੀਆਂ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਖੁਦ ਮੌਕੇ ’ਤੇ ਪਹੁੰਚ ਕੇ ਇੱਕ ਕਥਿਤ ਨਸ਼ਾ ਤਸਕਰ ਨੂੰ ਨਸ਼ਾ ਸਪਲਾਈ ਕਰਦਿਆਂ ਕਾਬੂ ਕਰਵਾਇਆ ਅਤੇ ਪੁਲਿਸ ਦੇ ਹਵਾਲੇ ਕੀਤਾ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਪਿੰਡ ਵਿੱਚ ਇੱਕ ਵਿਅਕਤੀ ਵੱਲੋਂ ਨਸ਼ੇ ਦੀ ਸਪਲਾਈ ਕੀਤੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤੁਰੰਤ ਪਿੰਡ ਭੇਜਿਆ ਅਤੇ ਖੁਦ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਪੁਲਿਸ ਨੂੰ ਸਖ਼ਤ ਹਦਾਇਤ ਕੀਤੀ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਨਰਮੀ ਨਾ ਵਰਤੀ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਦੇ ਮੌਕੇ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਕਰਨ ਵਾਲਾ ਵਿਅਕਤੀ ਸੱਚਾਈ ਸਾਹਮਣੇ ਲਿਆਉਣ ਅਤੇ ਨਸ਼ਾ ਛੱਡਣ ਲਈ ਤਿਆਰ ਹੈ ਤਾਂ ਸਰਕਾਰ ਉਸ ਦਾ ਇਲਾਜ ਕਰਵਾਉਣ ਅਤੇ ਉਸ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਨਾਲ ਜੋੜਨ ਲਈ ਹਰ ਸੰਭਵ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਪੱਸ਼ਟ ਸੁਨੇਹਾ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ, ਜਦਕਿ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਰਾਹੀਂ ਮੁੱਖ ਧਾਰਾ ਵਿੱਚ ਲਿਆਂਦਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਜਾਂ ਨਸ਼ਿਆਂ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਪਿੰਡ ਵਾਸੀਆਂ ਵੱਲੋਂ ਦਿਤੀ ਗਈ ਜਾਣਕਾਰੀ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਡੀ ਐਸ ਪੀ ਜੰਗ ਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande