
ਅੰਮ੍ਰਿਤਸਰ, 22 ਅਗਸਤ (ਹਿੰ.ਸ.)| ਭਾਰਤ ਚੋਣ ਕਮਿਸ਼ਨ ਵੱਲੋਂ ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਸਹੀ ਢੰਗ ਨਾਲ ਦਰਜ ਕਰਨਾ ਅਤੇ ਚੋਣ ਸਬੰਧੀ ਅੰਕੜਿਆਂ ਦੀ ਸ਼ੁੱਧਤਾ ਤੇ ਭਰੋਸੇਯੋਗਤਾ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਐੱਸ.ਆਈ.ਆਰ. ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਬੀ.ਐੱਲ.ਓਜ਼ ਵੱਲੋਂ ਘਰ-ਘਰ ਸਰਵੇਖਣ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਮੁੱਢਲੀ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ। ਆਮ ਲੋਕਾਂ ਅਤੇ ਵੋਟਰਾਂ ਲਈ ਦਾਅਵੇ ਤੇ ਇਤਰਾਜ਼ ਦਾਖਲ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ 2026 ਤੱਕ ਨਿਰਧਾਰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਜਾਂ ਇਤਰਾਜ਼ ਦਰਜ ਕਰਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਵਿੱਚ ਸੋਧ, ਪਤਾ ਬਦਲਣ ਆਦਿ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਜਿਹੜੇ ਨਾਗਰਿਕ 1 ਅਕਤੂਬਰ 2026 ਨੂੰ 18 ਸਾਲ ਦੀ ਉਮਰ ਪੂਰੀ ਕਰਦੇ ਹਨ, ਉਹ ਵੀ ਇਸ ਸੁਧਾਈ ਦੌਰਾਨ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਯੋਗ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਘਰ-ਘਰ ਸਰਵੇਖਣ ਦੌਰਾਨ ਜਿਨ੍ਹਾਂ ਵੋਟਾਂ ਦੀ ਮੈਪਿੰਗ ਨਹੀਂ ਹੋ ਸਕੀ ਜਾਂ ਮੈਪ ਕੀਤੀਆਂ ਵੋਟਾਂ ਵਿੱਚ ਕੋਈ ਲਾਜ਼ੀਕਲ ਡਿਸਕ੍ਰੈਪੈਂਸੀ ਪਾਈ ਗਈ ਹੈ, ਉਨ੍ਹਾਂ ਵੋਟਰਾਂ ਨੂੰ ਈ.ਆਰ.ਓ. ਵੱਲੋਂ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਵੋਟਰਾਂ ਨੂੰ ਆਪਣੀ ਜਨਮ ਮਿਤੀ ਅਤੇ ਜਨਮ ਸਥਾਨ ਸਬੰਧੀ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ।
ਭਾਰਤ ਵਿੱਚ 1 ਜੁਲਾਈ 1987 ਤੋਂ ਪਹਿਲਾਂ ਜਨਮੇ ਵਿਅਕਤੀ ਲਈ ਆਪਣੇ ਸਬੰਧੀ ਇੱਕ ਦਸਤਾਵੇਜ਼, 1 ਜੁਲਾਈ 1987 ਤੋਂ 2 ਦਸੰਬਰ 2004 ਦਰਮਿਆਨ ਜਨਮੇ ਵਿਅਕਤੀ ਲਈ ਆਪਣੇ ਅਤੇ ਮਾਤਾ ਜਾਂ ਪਿਤਾ ਸਬੰਧੀ ਦੋ ਦਸਤਾਵੇਜ਼ ਅਤੇ 2 ਦਸੰਬਰ 2004 ਤੋਂ ਬਾਅਦ ਜਨਮੇ ਵਿਅਕਤੀ ਲਈ ਆਪਣੇ, ਪਿਤਾ ਅਤੇ ਮਾਤਾ ਸਬੰਧੀ ਤਿੰਨ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਜੇਕਰ ਕਿਸੇ ਮਾਤਾ-ਪਿਤਾ ਵਿੱਚੋਂ ਕੋਈ ਭਾਰਤੀ ਨਾਗਰਿਕ ਨਹੀਂ ਹੈ ਤਾਂ ਜਨਮ ਸਮੇਂ ਉਸ ਦੇ ਵੈਧ ਪਾਸਪੋਰਟ ਅਤੇ ਵੀਜ਼ੇ ਦੀ ਕਾਪੀ ਵੀ ਦੇਣੀ ਹੋਵੇਗੀ।
ਭਾਰਤ ਤੋਂ ਬਾਹਰ ਜਨਮੇ ਵਿਅਕਤੀਆਂ ਨੂੰ ਵਿਦੇਸ਼ ਵਿੱਚ ਭਾਰਤੀ ਮਿਸ਼ਨ ਵੱਲੋਂ ਜਾਰੀ ਜਨਮ ਰਜਿਸਟ੍ਰੇਸ਼ਨ ਦਾ ਸਬੂਤ ਦੇਣਾ ਹੋਵੇਗਾ, ਜਦਕਿ ਰਜਿਸਟ੍ਰੇਸ਼ਨ ਜਾਂ ਨਾਗਰਿਕੀਕਰਨ ਰਾਹੀਂ ਭਾਰਤੀ ਨਾਗਰਿਕਤਾ ਹਾਸਲ ਕਰਨ ਵਾਲਿਆਂ ਨੂੰ ਨਾਗਰਿਕਤਾ ਰਜਿਸਟ੍ਰੇਸ਼ਨ ਦਾ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਇਸ ਸਬੰਧੀ ਮਾਨਤਾ ਪ੍ਰਾਪਤ ਦਸਤਾਵੇਜ਼ਾਂ ਵਿੱਚ ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਨੂੰ ਜਾਰੀ ਪਛਾਣ ਪੱਤਰ ਜਾਂ ਪੈਨਸ਼ਨ ਭੁਗਤਾਨ ਆਰਡਰ, ਸਰਕਾਰੀ ਜਾਂ ਸਰਵਜਨਕ ਅਦਾਰਿਆਂ ਵੱਲੋਂ ਜਾਰੀ ਦਸਤਾਵੇਜ਼, ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ ਜਾਂ ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜੰਗਲਾਤ ਅਧਿਕਾਰ ਸਰਟੀਫਿਕੇਟ, ਐੱਸ.ਸੀ./ਐੱਸ.ਟੀ./ਓ.ਬੀ.ਸੀ. ਸਰਟੀਫਿਕੇਟ, ਪਰਿਵਾਰਕ ਰਜਿਸਟਰ ਅਤੇ ਸਰਕਾਰ ਵੱਲੋਂ ਜਾਰੀ ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ।
ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਸਾਰੀਆਂ ਸੁਣਵਾਈਆਂ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 12 ਅਕਤੂਬਰ 2026 ਨੂੰ ਅੰਤਿਮ ਅਤੇ ਅੱਪਡੇਟ ਕੀਤੀ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ’ਤੇ ਨਿਰਧਾਰਤ ਸਮੇਂ ਅੰਦਰ ਸਬੰਧਤ ਫਾਰਮ ਜਮ੍ਹਾਂ ਕਰਵਾਉਣ।
ਹਿੰਦੂਸਥਾਨ ਸਮਾਚਾਰ / GURSHARAN SINGH